ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਸਾਬਤ ਹੋ ਰਹੇ ਹਨ ਵਰਦਾਨ  : ਵਧੀਕ ਡਿਪਟੀ ਕਮਿਸ਼ਨਰ

  • ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1 ਲੱਖ 1756  ਮਰੀਜ਼ ਸਿਹਤ ਜਾਂਚ ਲਈ ਪਹੁੰਚੇ ਤੇ 9710 ਮਰੀਜ਼ਾਂ ਦੇ ਕੀਤੇ ਗਏ ਮੁਫਤ ਲੈਬ ਟੈਸਟ
  • ਵਧੀਕ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ

ਫਾਜ਼ਿਲਕਾ 4 ਅਗਸਤ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ  ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1 ਲੱਖ 1756  ਮਰੀਜ਼ ਸਿਹਤ ਜਾਂਚ ਕਰਵਾਉਣ ਲਈ ਪਹੁੰਚੇ ਹਨ, ਜਿਸ ਵਿੱਚੋਂ 9710 ਮਰੀਜ਼ਾਂ ਨੂੰ ਮੁਫ਼ਤ ਲੈਬ ਟੈਸਟਾਂ ਦੀ ਜਾਂਚ ਦੀ ਸੁਵਿਧਾ ਦਿੱਤੀ ਗਈ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਮਿਤ ਕੁਮਾਰ ਪੰਚਾਲ ਨੇ ਫਾਜ਼ਿਲਕਾ ਵਿਖੇ ਸਥਾਪਿਤ ਪੁਰਾਣੇ ਸਿਵਲ ਹਸਪਤਾਲ ਵਿੱਚ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇੱਥੇ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਲੀਨਿਕ ਵਿੱਚ ਓ.ਪੀ.ਡੀ. ਸੇਵਾਵਾਂ, ਸਾਫ਼-ਸਫ਼ਾਈ, ਦਵਾਈਆਂ ਅਤੇ ਡਾਕਟਰੀ ਸਾਜ਼ੋ-ਸਮਾਨ ਦਾ ਵੀ ਜਾਇਜ਼ਾ ਵੀ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਅਤੇ ਕਲੀਨਿਕ ਦੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੋਲੋਂ ਕਲੀਨਿਕ ਵਿਚ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ 23 ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਿਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਗੰਭੀਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿਤੀ ਜਾਵੇ। ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 23 ਆਮ ਆਦਮੀ ਕਲੀਨਕਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਲੋਕਾਂ ਦੇ ਇਲਾਜ ਲਈ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਉਨਾਂ ਕਿਹਾ ਕਿ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।