ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਲੋਕਾਂ ਲਈ ਹੀ ਕੰਮ ਕਰ ਰਹੀ ਹੈ : ਸਪੀਕਰ ਸੰਧਵਾਂ 

  • ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਵੀ ਕੀਤੀ ਅਪੀਲ

ਫ਼ਰੀਦਕੋਟ 21 ਜੁਲਾਈ, 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ । 
ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਲਈ ਹੀ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਅਫਸਰ ਅਤੇ ਦਫਤਰਾਂ ਦੇ ਕਰਮਚਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਸਪੀਕਰ ਸੰਧਵਾਂ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਭਲਾਈ ਦੀ ਵਚਨਬੱਧਤਾ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਆਰੰਭ ਕੀਤਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਇਸ ਤਰ੍ਹਾਂ ਲੋਕਾਂ ਨੂੰ ਦਫਤਰਾਂ ਵਿੱਚ ਜਾ ਕੇ ਖੱਜਲ ਖੁਆਰ ਨਹੀਂ ਹੋਣਾ ਪੈਂਦਾ ਅਤੇ ਉਹਨਾਂ ਦਾ ਸਮਾਂ ਵੀ ਵਿਅਰਥ ਨਹੀਂ ਜਾਂਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ । ਇਸ ਤੋਂ ਇਲਾਵਾ ਉਹਨਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ  ਵਾਤਾਵਰਣ ਦੀ ਸੰਭਾਲ ਲਈ ਵਿੱਢੀ ਮੁਹਿੰਮ "ਮੈਂ ਤੇ ਮੇਰਾ ਰੁੱਖ" ਦੀ ਪ੍ਰਸੰਸਾ ਕਰਦਿਆਂ ਬੇਨਤੀ ਕੀਤੀ ਕਿ ਹਰ ਇਕ ਮਨੁੱਖ ਖੁਸ਼ੀ ਅਤੇ ਗਮੀ ਮੌਕੇ ਸਾਂਝੀਆਂ ਥਾਵਾਂ ਤੇ ਜਾਂ ਆਪਣੇ ਘਰ ਦੇ ਨੇੜੇ ਇਕ-ਇਕ ਰੁੱਖ ਲਾ ਕੇ ਉਹਨਾਂ ਦੀ ਸੰਭਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਕਾਰਨ ਵੱਧ ਰਹੀ ਗਰਮੀ ਅਤੇ ਡੂੰਘੇ ਜਾ ਰਹੇ ਜਮੀਨੀ ਪਾਣੀ ਤੇ ਕਾਬੂ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਬੂਟੇ ਪੰਜਾਬ ਸਰਕਾਰ ਦੇ ਯਤਨਾ ਸਦਕਾ ਵਣ ਵਿਭਾਗ ਵੱਲੋਂ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ ।