ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਡਾ ਬਲਵੀਰ ਸਿੰਘ 

ਫਤਿਹਗੜ੍ਹ ਸਾਹਿਬ, 12 ਜੁਲਾਈ 2024 : ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵਾਟਰ ਬੌਰਨ ਅਤੇ ਵੈਕਟਰ ਬੋਰਨ ਬਿਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਲਈ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਵਿੱਚ  ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿਲ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ , ਲੋਕਲ ਬਾਡੀਜ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਆਦਿ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਡਾ ਬਲਵੀਰ ਸਿੰਘ ਨੇ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਮਿਲਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕੀਤਿਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ। ਇਸ ਮੌਕੇ ਤੇ ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ, ਦਫ਼ਤਰਾਂ ਵਿੱਚ ਫਰਿੱਜਾਂ ਦੀਆਂ ਟਰੇਆਂ, ਕੂਲਰ, ਕੰਟੇਨਰਾਂ, ਗਮਲਿਆਂ, ਛੱਤਾਂ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਸ਼ੁੱਕਰਵਾਰ ਸਾਫ਼ ਕਰਕੇ ਸੁਕਾਉਣ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ।ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ 'ਤੇ ਨਜ਼ਰ ਰੱਖਣ ਲਈ ਸਿਹਤ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਵੱਖ-ਵੱਖ ਖੇਤਰਾਂ ਅਤੇ ਰਿਹਾਇਸ਼ਾਂ ਦੀ ਚੈਕਿੰਗ ਲਈ ਗ੍ਰਾਮ ਸਿਹਤ, ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ (ਵੀ.ਐਚ.ਐਸ.ਐਨ.ਸੀਜ਼) ਅਤੇ ਮਹਿਲਾ ਅਰੋਗਿਆ ਸਮਿਤੀ (ਐਮ.ਏ.ਐਸ.) ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਸੇ ਵੀ ਉਲੰਘਣਾ ਲਈ ਚਲਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਹੜੇ ਇਲਾਕਿਆਂ ਵਿੱਚ ਡੇਂਗੂ ਦੇ ਵਧੇਰੇ ਕੇਸ ਨਿਕਲੇ ਸਨ ਉਹਨਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ।