ਵਧੀਕ ਡਿਪਟੀ ਕਮਿਸ਼ਨਰ ਨੇ 01 ਅਕਤੂਬਰ ਨੂੰ ਸਵੱਛਤਾ ਪਖਵਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

  • ਪਹਿਲੀ ਅਕਤੂਬਰ ਨੂੰ 01 ਘੰਟਾ, ਇੱਕਠਿਆਂ 10 ਵਜੇ ਸ਼੍ਰਮਦਾਨ ਕੀਤਾ ਜਾਵੇਗਾ- ਵਧੀਕ ਡਿਪਟੀ ਕਮਿਸ਼ਨਰ

ਫਰੀਦਕੋਟ 29 ਅਕਤੂਬਰ : 01 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਵੱਛਤਾ ਪਖਵਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਐਸ.ਡੀ.ਐਮ ਫਰੀਦਕੋਟ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾ, ਜਿਲ੍ਹਾ ਪ੍ਰੀਸ਼ਦ, ਵਿਦਿਅਕ ਸੰਸਥਵਾਂ ਆਦਿ ਵਿਭਾਗਾਂ ਤੋਂ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਪਖਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਵਿਸਥਾਰ ਸਹਿਤ ਜਾਣਕਾਰੀ ਲਈ। ਇਸ ਮੌਕੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਮਿਤੀ 01 ਅਕਤੂਬਰ ਨੂੰ ਸਵੇਰੇ 10 ਵਜੇ ਇਕੱਠਿਆਂ ਇਕ ਘੰਟਾ ਸ਼੍ਰਮਦਾਨ ਕੀਤਾ ਜਾਵੇਗਾ। ਇਸ ਦਿਨ ਸ਼ਹਿਰਾਂ ਵਿੱਚ ਘੱਟੋਂ ਘੱਟ 2 ਜਗ੍ਹਾਵਾਂ ਅਤੇ ਪਿੰਡਾਂ ਵਿੱਚ 01 ਜਗ੍ਹਾਂ ਤੇ ਸਫਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਆਬਾਦੀ ਜਿਆਦਾ ਹੈ, ਉੱਥੇ ਇਹ ਅਭਿਆਨ 2 ਤੋਂ ਵੱਧ ਥਾਵਾਂ ਤੇ ਚਲਾਇਆ ਜਾਵੇਗਾ ਅਤੇ ਜਿੱਥੇ ਕਿਤੇ ਆਬਾਦੀ ਘੱਟ ਹੈ ਉੱਥੇ 2 ਥਾਵਾਂ ਨੂੰ ਮਿਲਾ ਕੇ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ । ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਬੀ.ਡੀ.ਪੀ.ਓ ਦਫਤਰ ਦੇ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਪਿੰਡਾਂ ਵਿਚ ਸਥਿਤ ਗੁਰਦੁਆਰਿਆਂ ਵਿਚ ਇਸ ਸਬੰਧੀ ਅਨਾਊਂਸਮੈਂਟ ਕਰਵਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸ਼੍ਰਮਦਾਨ ਵਿਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਫਾਈ ਅਭਿਆਨ ਸਬੰਧੀ ਤਿਆਰੀਆਂ ਸਮੇ-ਸਿਰ ਮੁਕੰਮਲ ਕਰ ਲੈਣ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰਮਦਾਨ ਵਿੱਚ ਆਪਣਾ ਯੋਗਦਾਨ ਦੇ ਕੇ ਮਹਾਤਮਾ ਗਾਂਧੀ ਦੀ ਜਨਮ ਸ਼ਤਾਬਦੀ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ।