ਵਧੀਕ ਡਿਪਟੀ ਕਮਿਸ਼ਨਰ ਵੱਲੋਂ 29 ਫਰਵਰੀ ਨੂੰ ਧੂਰੀ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ 

  • ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ 

ਸੰਗਰੂਰ, 26 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸਮਾਗਮ 29 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ 29 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਗਰੂਰ ਦੇ ਨਾਲ ਨਾਲ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਦੀ ਆਮਦ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਜ਼ਿਲ੍ਹੇ ਅਨੁਸਾਰ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਸਥਾਪਤ ਕਰਨ ਦੇ ਨਾਲ ਨਾਲ ਸਹਾਇਤਾ ਡੈਸਕ ਅਤੇ ਰਿਸੈਪਸ਼ਨ ਡੈਸਕ ਵੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ ਡੀ ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ ਪੀ ਰਾਕੇਸ਼ ਕੁਮਾਰ, ਜ਼ਿਲ੍ਹਾ ਮਾਲ ਅਫਸਰ ਬਾਦਲ ਦੀਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।