ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਤੇ ਨਗਰ ਕੌਂਸਲ ਸਖ਼ਤ

  • 50 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ
  • ਕਿਹਾ, ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ

ਫਾਜ਼ਿਲਕਾ, 28 ਜੂਨ : ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਕਰ ਕੇ ਪੰਜਾਬ ਸਰਕਾਰ ਵੱਲੋਂ ਇਸ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ, ਨਗਰ ਕੌਂਸਲ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਦੀ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫਰੀਦਕੋਟ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਦੇ ਬਾਹਮਣੀ ਬਾਜ਼ਾਰ ਵਿਖੇ ਛਾਪਾ ਮਾਰਿਆ ਗਿਆ ਅਤੇ ਛਾਪੇਮਾਰੀ ਦੌਰਾਨ 50 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਜਬਤ ਕੀਤਾ ਗਿਆ ਤੇ ਚਲਾਨ ਵੀ ਕੀਤੇ ਗਏ। ਇਸ ਮੌਕੇ ਐੱਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਫਰੀਦਕੋਟ ਅਨੀਸ਼ ਸ਼ਰਮਾ ਅਤੇ ਸੈਨਟਰੀ ਇੰਸਪੈਕਟਰ ਨਗਰ ਕੌਂਸਲ ਜਗਜੀਤ ਅਰੋੜਾ ਵੀ ਹਾਜ਼ਰ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸਡੀਓ ਅਨੀਸ਼ ਸ਼ਰਮਾ ਨੇ ਦੱਸਿਆ ਕਿ ਉਕਤ ਸਿੰਗਲ ਯੂਜ਼ ਪਲਾਸਟਿਕ ਨੂੰ ਤੁਰੰਤ ਪ੍ਰਭਾਵ ਨਾਲ ਜਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੂਹ ਦੁਕਾਨਦਾਰਾਂ, ਸਬਜੀ ਵਿਕਰੇਤਾ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਜੇਕਰ ਵਿਭਾਗ ਦੇ ਧਿਆਨ ਵਿਚ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਤਾਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਪਲਾਸਟਿਕ ਦੀ ਥਾਂ ਤੇ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਅਤੇ ਦੁਕਾਨਦਾਰਾਂ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਪੋਲੀਥੀਨ ਬੈਗ ਸਟੋਰ/ਵਰਤੋਂ ਨਾ ਕਰਨ ਲਈ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਪਲਾਸਟਿਕ ਕੁਦਰਤੀ ਤੌਰ 'ਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ 'ਤੇ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖਤਾ ਲਈ ਸਾਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਹੀ ਪੈਣੀ ਹੈ।