ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ : ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 02 ਲਿਫਟਾਂ ਦਾ ਕੀਤਾ ਉਦਘਾਟਨ
  • ਡੀ.ਸੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 2 ਲਿਫਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੋ ਪੁਰਾਣੀਆਂ ਲਿਫਟਾਂ ਲੱਗੀਆਂ ਹੋਈਆਂ ਸਨ, ਉਹ ਤਕਰੀਬਨ 30 ਸਾਲ ਪੁਰਾਣੀਆਂ ਸਨ ਜੋ ਕਿ ਅਕਸਰ ਖਰਾਬ ਹੋ ਜਾਂਦੀਆਂ ਸਨ। ਲਿਫਟਾਂ ਖਰਾਬ ਹੋਣ ਕਾਰਨ ਬਜੁਰਗਾਂ, ਦਿਵਿਆਂਗਾਂ, ਬੱਚਿਆਂ ਤੇ ਔਰਤਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਇਹ ਲਿਫਟਾਂ ਸ਼ੁਰੂ ਹੋਣ ਨਾਲ ਬਜੁਰਗਾਂ, ਦਿਵਿਆਂਗਾਂ, ਬੱਚਿਆਂ, ਔਰਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਕਰਮਚਾਰੀਆਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਆਪਣੇ ਰੋਜਮੱਰਾ ਦੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗ ਰੋਗਨ ਵੀ ਕਰਵਾਇਆ ਗਿਆ ਹੈ ਜਿਸ ਨਾਲ ਇਸ ਦੀ ਦਿੱਖ ਹੋਰ ਨਿਖਰ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਇਹ ਲਿਫਟਾਂ ਨਵੀਂਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਫ ਸਫਾਈ, ਨਵਾਂ ਰੰਗ ਰੋਗਨ ਤੇ ਹੋਰ ਲੋੜੀਂਦੇ ਕਦਮ ਵੀ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਵਾਤਾਵਰਣ ਮੁਹੱਈਆ ਹੋ ਸਕੇ। ਉਨ੍ਹਾਂ ਦੀਵਾਲੀ ਦੇ ਤਿਓਹਾਰ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇਹ ਤਿਓਹਾਰ ਬੁਰਾਈ ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦਾ ਹੈ ਉਸ ਤਰ੍ਹਾਂ ਸਾਨੂੰ ਵੀ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜਨੀਅਰ (ਬਿਜਲੀ) ਸ਼੍ਰੀ ਵਿਜੈ ਕੁਮਾਰ ਚੋਪੜਾ, ਨਿਗਰਾਨ ਇੰਜਨੀਅਰ (ਮਕੈਨੀਕਲ) ਪਟਿਆਲਾ ਸ਼੍ਰੀ ਅਮਿਤ ਕੁਮਾਰ, ਕਾਰਜਕਾਰੀ ਇੰਜਨੀਅਰ (ਬਿਜਲੀ) ਸ਼੍ਰੀ ਪਰਮਜੀਤ ਸਿੰਘ, ਜੇ.ਈ. ਅਨੂਪਇੰਦਰ ਸਿੰਘ ਤੇ ਓਮਕਾਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।