ਪ੍ਰਸ਼ਾਸਨ ਨੇ ਸੱਤ ਏਕੜ ਇਕ ਕਨਾਲ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਵਾਇਆ

ਲੁਧਿਆਣਾ, 26 ਜੂਨ : ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਸਨਪੁਰ ਬਿੱਲੋ ਬਲਾਕ ਮਾਛੀਵਾੜਾ ਦੀ 7 ਏਕੜ, ਇੱਕ ਕਨਾਲ ਅਤੇ 16 ਮਰਲੇ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਬੀ.ਡੀ.ਪੀ.ਓ ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ, ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਕਾਨੂੰਗੋ ਲਵਪ੍ਰੀਤ ਕੌਰ, ਮਾਲ ਅਧਿਕਾਰੀ ਅਮਨਿੰਦਰ ਸਿੰਘ, ਪੰਚਾਇਤ ਸਕੱਤਰ ਕੁਲਦੀਪ ਸਿੰਘ ਅਤੇ ਸਥਾਨਕ ਪੁਲਿਸ ਦੀ ਅਗਵਾਈ ਹੇਠ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਟੀਮ ਨੇ ਇਸ ਨੂੰ ਕਬਜ਼ੇ ਵਿੱਚ ਲਿਆ।  ਪਿਛਲੇ ਕਈ ਸਾਲਾਂ ਤੋਂ ਨਿੱਜੀ ਵਿਅਕਤੀਆਂ ਵੱਲੋਂ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਜ਼ਮੀਨ ਹੁਣ ਅਗਲੀ ਕਾਰਵਾਈ ਲਈ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ। ਮਲਿਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਚਾਇਤੀ ਜ਼ਮੀਨਾਂ ਤੋਂ ਹਰ ਤਰ੍ਹਾਂ ਦਾ ਕਬਜ਼ਾ ਛੁਡਵਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ।  ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹੋਰ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਪਹਿਲਾਂ ਹੀ ਰਸਮੀ ਕਾਰਵਾਈਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਅੱਜ ਦੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਦਾ ਵੀ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਜ਼ਮੀਨ ਵਾਪਸ ਨਾ ਕਰਨ 'ਤੇ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।