ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਜੰਡਵਾਲਾ ਖਰਤਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

  • ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 27 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬਲਾਕ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਬਲਦੇਵ ਸਿੰਘ ਵੱਲੋਂ ਪਿੰਡ ਜੰਡਵਾਲਾ ਖਰਤਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਟੀ.ਐੱਮ. ਰਾਜਦਵਿੰਦਰ ਸਿੰਘ ਅਤੇ ਏ.ਐੱਸ.ਆਈ ਸੁਖਦੀਪ ਸਿੰਘ ਵੀ ਹਾਜ਼ਰ ਸਨ। ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਜੋ ਵੀ ਰਹਿੰਦ ਖੂੰਹਦ ਬਚੇਗੀ ਕਿਸਾਨ ਉਸ ਨੂੰ ਆਪਣੇ ਖੇਤਾਂ ਵਿੱਚ ਹੀ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਵਾਹੁਣ ਅਤੇ ਅਗਲੀ ਫਸਲ ਦੀ ਬਿਜਾਈ ਕਰਨ। ਅਜਿਹਾ ਕਰਨ ਨਾਲ ਅਗਲੀ ਫਸਲ ਦਾ ਝਾੜ ਵੀ ਵਧੇਗਾ ਅਤੇ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਵਿਚਲੇ ਪੋਸ਼ਕ ਤੱਤ ਵੀ ਨਸ਼ਟ ਹੋ ਜਾਂਦੇ ਹਨ ਜਿਸ ਨਾਲ ਸਾਡੀਆਂ ਫਸਲਾਂ ਦਾ ਝਾੜ ਘਟਦਾ ਹੈ। ਇਸ ਤੋਂ ਇਲਾਵਾ ਅਨੇਕਾ ਹੀ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਬੀ.ਟੀ.ਐੱਮ ਰਾਜਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ ਨਾਲ ਜਮੀਨ ਦੇ ਪੋਸ਼ਕ ਤੱਕ ਵੀ ਨਸਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਸ਼ੁੱਧ, ਸਾਫ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਚਾਹੁੰਦੇ ਹਾਂ ਤਾਂ ਸਾਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਕਿਸਾਨ ਵੀ ਆਪਣਾ ਪੂਰਾ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪੱਕਾ ਇਰਾਦਾ ਬਣਾ ਲੈਣ। ਅਜਿਹਾ ਕਰਨ ਨਾਲ ਸਾਡਾ ਜ਼ਿਲ੍ਹਾ ਵੀ ਪ੍ਰਦੂਸ਼ਣ ਮੁਕਤ ਹੋ ਜਾਵੇਗਾ।