ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤੀਬਾੜੀ ਵਿਭਾਗ ਨੇ ਪਿੰਡ ਮੱਠੀ ਵਿਖੇ ਖੋਲਿਆ ਫਾਰਮ ਸਕੂਲ

  • ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਕੀਤਾ ਜਾਵੇਗਾ ਜਾਗਰੂਕ
  • ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਖੋਲਿਆ ਫਾਰਮ ਸਕੂਲ

ਫ਼ਤਹਿਗੜ੍ਹ ਸਾਹਿਬ, 09 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਖੇੜਾ ਬਲਾਕ ਦੇ ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਫਾਰਮ ਸਕੂਲ ਖੋਲਿਆ ਗਿਆ। ਜਿਥੇ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੌਤ ਦੀ ਸੁਚੱਜੀ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਫਾਰਮ ਸਕੂਲ ਦਾ ਮੁੱਖ ਮੰਤਵ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ। ਇਸ ਮੌਕੇ ਖੇਤੀਬਾੜੀ ਅਫਸਰ ਸ਼੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ/ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾ ਨੂੰ ਵੈਬਸਾਈਟ agrimachinerypb.com ਤੇ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਆਤਮਾ ਸਕੀਮ ਅਧੀਨ ਖੋਲੇ ਗਏ ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਤਕਨੀਕੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਕਿਸਾਨ ਪਿਛਲੇ ਤਿੰਨ ਸਾਲਾਂ ਤੋਂ 12 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਅਤੇ ਇਹ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ । ਜਿਸ ਕਾਰਨ ਇਹ ਕਿਸਾਨ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਕੀਤੀਆ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਿਸਾਨ ਅਤੇ ਕਿਸਾਨ ਬੀਬੀਆਂ ਆਤਮਾ ਸਕੀਮ ਅਧੀਨ ਵੱਖ-ਵੱਖ ਸਹਾਇਕ ਧੰਦਿਆਂ ਦੀ ਸਿਖਲਾਈ ਹਾਸਲ ਕਰਕੇ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਸਕੂਲ ਦੇ 4-5 ਸ਼ੈਸ਼ਨ ਹੋਰ ਲਗਾਏ ਜਾਣਗੇ ਜਿਸ ਵਿੱਚ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਕੀਤੇ ਜਾਣ ਵਾਲੇ ਖੇਤੀ ਕੰਮਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਤੇ ਪਾਣੀ ਦੀ ਪਰਖ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਬੇਲੋੜੀਆਂ ਖਾਦਾਂ ਪਾਉਣ ਤੋਂ ਗੁਰੇਜ ਕੀਤਾ ਜਾਵੇ। ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਨਿਸ਼ਾਨ ਸਿੰਘ ਨੇ ਕਿਹਾ ਕਿ ਹਰੇਕ ਕਿਸਾਨ ਨੂੰ ਇੱਕ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹਦੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਏ.ਟੀ.ਐਮ. ਰਾਜਵੀਰ ਸਿੰਘ, ਨੰਬਰਦਾਰ ਅਮਰੀਕ ਸਿੰਘ ਬੋਰਾਂ, ਅਗਾਂਹਵਧੂ ਕਿਸਾਨ ਨਰਿੰਦਰਪਾਲ ਸਿੰਘ, ਗੁਰਭੇਜ ਸਿੰਘ ਅਤੇ ਕੁਲਦੀਪ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।