ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਗੁਣਵੱਤਾ ਦਾ ਵੀ ਰੱਖਿਆ ਜਾਵੇ ਖਾਸ ਖਿਆਲ: ਕੈਬਨਿਟ ਮੰਤਰੀ ਅਰੋੜਾ

  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ

ਸੰਗਰੂਰ, 20 ਜਨਵਰੀ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਅਤੇ ਭਲਾਈ ਲਈ ਉਲੀਕੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਦਾ ਵੀ ਖਾਸ ਖਿਆਲ ਰੱਖਿਆ ਜਾਵੇ । ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੀਟਿੰਗ ਵਿੱਚ ਹਾਜ਼ਰ ਸਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਖਾਸ ਕਰਕੇ ਸੁਨਾਮ ਹਲਕੇ ਵਿੱਚ ਲੰਮੇ ਸਮੇਂ ਤੋਂ ਬਕਾਇਆ ਕੰਮਾਂ ਨੂੰ ਤਰਜੀਹ ਦੇ ਆਧਾਰ ਉੱਤੇ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਦੇ ਨਿਰਮਾਣ ਸਮੇਂ ਖੁਦ ਇਨ੍ਹਾਂ ਦੀ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਵਾਲੀਆਂ ਏਜੰਸੀਆਂ ਵਿਕਾਸ ਪ੍ਰੋਜੈਕਟਾਂ ਦੇ ਨਕਸ਼ੇ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਲੋਕਾਂ ਦੀ ਜ਼ਰੂਰਤ ਅਨੁਸਾਰ ਹੀ ਤਿਆਰ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਫਾਇਦਾ ਹਾਸਲ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟਾਂ ਲਈ ਭੇਜੇ ਜਾ ਰਹੇ ਫੰਡਾਂ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਵਰਤਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਬਾਂਸਲ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪਾਲ ਸਿੰਘ ਸਿੱਧੂ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਐਕਸੀਅਨ ਜਲ ਸਪਲਾਈ ਚਮਕ ਸਿੰਗਲਾ, ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਤੇ ਸੰਜੀਵ ਕੁਮਾਰ ਸੰਜੂ ਵੀ ਹਾਜ਼ਰ ਸਨ।