ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕਿੱਕੀ ਢਿੱਲੋਂ 5 ਦਿਨਾਂ ਦੇ ਰਿਮਾਂਡ 'ਤੇ 

ਫਰੀਦਕੋਟ 17 ਮਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸਾਬਕਾ ਵਿਧਾਇਕ ਢਿੱਲੋਂ ਦਾ 10 ਦਿਨ ਦਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਹੁਣ 22 ਮਈ ਨੂੰ ਸਾਬਕਾ ਵਿਧਾਇਕ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਵਿਧਾਇਕ ਕਾਰਜਕਾਲ (2017-22) ਦੌਰਾਨ ਉਸ ਦੀ ਆਮਦਨ ਅਤੇ ਖਰਚੇ ਦੀ ਜਾਂਚ ਕੀਤੀ ਗਈ ਹੈ। ਇਸ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਇਸ ਕਾਰਜਕਾਲ ਦੌਰਾਨ ਆਪਣੀ ਆਮਦਨ ਤੋਂ ਲਗਭਗ 245.19 ਫੀਸਦੀ ਜ਼ਿਆਦਾ ਖਰਚ ਕੀਤਾ ਹੈ। ਇਸ ਤੋਂ ਇਲਾਵਾ ਕਿੱਕੀ ਢਿੱਲੋਂ ਨੇ ਕੋਟਕਪੂਰਾ ਦੇ ਪਿੰਡ ਨਾਨਕਸਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਅਤੇ ਫ਼ਿਰੋਜ਼ਪੁਰ ਦੇ ਪਿੰਡ ਧੰਨਾ ਸ਼ਹੀਦਾਂ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਦੇ ਨਾਂ 'ਤੇ ਸਾਦਿਕ ਦੇ ਪਿੰਡ ਮੁਮਾਰਾ ਵਿੱਚ ਬੇਨਾਮੀ ਜ਼ਮੀਨ ਖਰੀਦੀ ਹੈ। ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਅਦਾਲਤ ’ਤੇ ਭਰੋਸਾ ਪ੍ਰਗਟਾਇਆ ਹੈ। ਕਿੱਕੀ ਢਿੱਲੋਂ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਨੂੰ ਜਾਣੂ ਕਰਵਾਇਆ ਹੈ ਕਿ ਇਸ ਮਾਮਲੇ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ। ਢਿੱਲੋਂ ਦਾ ਉਨ੍ਹਾਂ ਦੋ ਵਿਅਕਤੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜਿਨ੍ਹਾਂ ਦੇ ਨਾਂ 'ਤੇ ਵਿਜੀਲੈਂਸ ਨੇ ਬੇਨਾਮੀ ਜ਼ਮੀਨ ਖਰੀਦਣ ਦਾ ਦਾਅਵਾ ਕੀਤਾ ਹੈ।