ਭਾਈ ਰਾਜੋਆਣਾ ਦੀ ਰਿਹਾਈ ਤੇ ਅਮਿਤ ਸ਼ਾਹ ਦਾ ਬਿਆਨ ਠੀਕ ਨਹੀਂ ਸੀ, ਅਸੀਂ ਗੱਲਬਾਤ ਨਾਲ ਮੁੱਦੇ ਦਾ ਹੱਲ ਕਰਾਂਗੇ : ਪ੍ਰਧਾਨ ਧਾਮੀ

ਸ੍ਰੀ ਮਾਛੀਵਾੜਾ ਸਾਹਿਬ, 25 ਦਸੰਬਰ : ਸਥਾਨਕ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਕਲਗੀਧਰ ਪਤਾਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਤੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ‘ਚ ਪੁਜੱੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਸਾਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਅਸੀਂ ਸਿੰਘਾਂ ਦੀ ਰਿਹਾਈ ਲਈ ਕੋਈ ਭੀਖ ਨਹੀਂ ਮੰਗ ਰਹੇ ਸਗੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਾਂ। ਪ੍ਰਧਾਨ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਿਆਨ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਤੇ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਨਗੇ। ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ, ਜਿਸ ਦਾ ਜਵਾਬ ਆਇਆ ਹੈ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। ਉਨ੍ਹਾਂ ਦੱਸਿਆ ਕਿ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਉਹ ਦੋ ਵਾਰ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੁਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ ਸੀ। ਐਮੀ ਰਵਨੀਤ ਸਿੰਘ ਬਿੱਟੂ ਵੱਲੋਂ ਭਾਈ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਵਾਲੇ ਦਿੱਤੇ ਬਿਆਨ ਤੇ ਆਪਣੀ ਪ੍ਰਤੀਕਿਰਿਆ ਦਿੰਦਿਆ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨਾ ਤਾਂ ਕੋਈ ਸਿਆਸੀ ਵਿਅਕਤੀ ਹੈ ਅਤੇ ਨਾ ਉਸਦਾ ਕੋਈ ਐਸਜੀਪੀਸੀ ਨਾਲ ਕੋਈ ਸਬੰਧ ਹੈ, ਪਰ ਅਸੀਂ ਇੱਕ ਸਿੱਖ ਹੋਣ ਦੇ ਨਾਤਾੇ ਉਸਦੀ ਰਿਹਾਈ ਦੀ ਮੰਗ ਕਰਦੇ ਆ ਰਹੇ ਹਾਂ। ਪ੍ਰਧਾਨ ਧਾਮੀ ਨੇ ਕਿਹਾ ਕਿ ਐਮਪੀ ਬਿੱਟੂ ਨੂੰ ਤਾਂ ਹੁਣ ਰਾਤ ਨੂੰ ਸੁਪਨਿਆਂ ਵਿੱਚ ਭਾਈ ਰਾਜੋਆਣਾ ਤੇ ਸ਼੍ਰੋਮਣੀ ਕਮੇਟੀ ਹੀ ਦਿਖਾਈ ਦੇ ਰਹੀ ਹੈ।