ਬਠਿੰਡਾ 'ਚ ਅੰਮ੍ਰਿਤਸਰੀ ਕੁਲਚਾ ਮਾਲਕ ਦਾ ਗੋਲੀਆਂ ਮਾਰ ਕੇ ਕਤਲ 

ਬਠਿੰਡਾ, 28 ਅਕਤੂਬਰ : ਬਠਿੰਡਾ 'ਚ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਇੱਕ ਰੈਸਟੋਰੈਂਟ ਦੇ ਬਾਹਰ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਫਾਇਰਿੰਗ ਕਾਰਨ ਜ਼ਖਮੀ ਨੌਜਵਾਨ ਨੂੰ ਫੌਰੀ ਤੌਰ ਤੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਅੱਗੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕਰ ਦਿੱਤਾ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਵੱਖ-ਵੱਖ ਟੀਮਾਂ  ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ ਪਾਸ ਦੀਆਂ ਦੁਕਾਨਾਂ ਤੇ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦਾ ਪਤਾ ਲਾਇਆ ਜਾ ਸਕੇ। ਮ੍ਰਿਤਕ ਨੌਜਵਾਨ ਦੀ ਪਛਾਣ ਹਨੂੰਮਾਨ ਚੌਕ ਦੇ ਨਜਦੀਕ ਸਥਿਤ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਉਰਫ਼ ਮੇਲਾ ਦੇ ਤੌਰ ਤੇ ਕੀਤੀ ਗਈ ਹੈ। ਮੋਟਰਸਾਈਕਲ ਸਵਾਰ ਨੌਜਵਾਨ ਲਾਗੇ ਹੀ ਪੈਂਦੀਆਂ ਤੰਗ ਗਲੀਆਂ ਵਿੱਚੋਂ ਦੀ ਫਰਾਰ ਹੋਣ ਵਿੱਚ ਸਫਲ ਹੋ ਗਏ। ਹਾਲੇ ਤੱਕ ਇਸ ਵਾਰਦਾਤ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਵਾਰਦਾਤ ਦੀ ਗੁੱਥੀ ਸੁਲਝਾਉਣ ਦੇ ਮਕਸਦ ਨਾਲ ਕਈ ਪਹਿਲੂਆਂ ਤੋਂ ਜਾਂਚ ਨੂੰ ਅੱਗੇ ਵਧਾ ਰਹੀ ਹੈ।

ਬਠਿੰਡਾ ‘ਚ ਵਾਪਰੀ ਘਟਨਾਂ ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਡੁੰੰਘੇ ਦੁੱਖ ਦਾ ਪ੍ਰਗਟਾਵਾ 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ‘ਚ ਵਾਪਰੀ ਘਟਨਾਂ ਤੇ ਡੁੰੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੱਕ ਪੋਸਟ ਸੇਅਰ ਕਰਦਿਆਂ ਲਿਖਿਆ ਕਿ ਬਠਿੰਡਾ ਤੋਂ ਦੁੱਖ ਭਰੀ ਖਬਰ ਮਿਲੀ ਹੈ, ਸ਼ਹਿਰ ਦੀ ਮਾਲ ਰੋਡ ਵਿਖੇ ਦਿਨ ਦਿਹਾੜੇ ਮਾਲ ਰੋਡ ਤੇ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਨੂੰ ਉਸਦੀ ਦੁਕਾਨ ਤੇ ਬੈਠਿਆਂ ਹੀ ਕੁੱਝ ਗੁੰਡਾ ਅਨਸਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾਂ ਨੇ ਸਮੂਹ ਸ਼ਹਿਰ ਵਾਸੀਆਂ ‘ਚ ਸਹਿਮ ਦਾ ਮਾਹੌਲ ਹੈ। ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ, ਸਰਕਾਰ, ਮੁੱਖ ਮੰਤਰੀ ਤੇ ਪੁਲਿਸ ਸਭ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਅੱਗੇ ਲਿਖਿਆ ਕਿ ਉਹ ਇਸ ਘਟਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਕਾਨੂੰ ਕਰਨ ਦੀ ਮੰਗ ਕਰਦੇ ਹਨ।