ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ ’ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀਵਾਰ ਵੇਖਣ ਨੂੰ ਮਿਲਿਆ ਹੈ ਕਿ ਇਕ ਸੂਬੇ ਦੀ ਪੁਲਿਸ ਦੂਜੇ ਸੂਬੇ ਵਿਚ ਦਾਖਲ ਹੋ ਕੇ ਉਥੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਰਹੀ ਹੈ। ਇਕ ਨੌਜਵਾਨ ਕਿਸਾਨ ਦੀ ਗੋਲੀਆਂ ਲੱਗਣ ਨਾਲ, ਤਿੰਨ ਹੋਰਾਂ ਦੀ ਕਿਸਾਨੀ ਸੰਘਰਸ਼ ਵਿਚ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁੱਤੇ ਪਏ ਹਨ ਜਾਂ ਫਿਰ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਪੁਲਿਸ ਦੇ ਹਮਲੇ ਵਿਚ ਪੱਤਰਕਾਰਾਂ ਸਮੇਤ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਕਿਸੇ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਗੱਲ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਏ ਨੂੰ 24 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਗਏ ਹਨ ਪਰ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ ਜਦੋਂ ਕਿ ਕਾਨੂੰਨ ਮੁਤਾਬਕ ਪਹਿਲਾਂ ਕੇਸ ਦਰਜ ਹੋਣਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹਨ ਤੇ ਉਹਨਾਂ ਦੇ ਆਊਟ ਬਣੇ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਪੰਜਾਬ ਵਿਚ ਹਨ ਤੇ ਹਰਿਆਣਾ ਦੀ ਧਰਤੀ ’ਤੇ ਨਹੀਂ ਪਹੁੰਚੇ ਪਰ ਉਹਨਾਂ ਨੂੰ ਉਹਨਾਂਦੀ ਧਰਤੀ ’ਤੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਮਜੀਠੀਆ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਕੌਮੀ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।