ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 03 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਚੇਅਰਮੈਨ-ਕਮ- ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਕਿ ਇੱਕ ਮਹੀਨਾ ਜਾਰੀ ਰਹੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ, ਸ਼ਹਿਰਾਂ ਦੇ ਵਾਰਡਾਂ, ਸਕੂਲਾਂ ਤੇ ਕਾਲਜ਼ਾਂ ਵਿੱਚ ਕੈਂਪ ਲਗਾ ਕੇ ਬੱਚਿਆਂ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰੈਲੀਆਂ ਕੀਤੀਆਂ ਜਾਣਗੀਆਂ ਅਥਾਰਟੀ ਦੇ ਦੇ ਪੈਨਲ ਵਕੀਲ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨਗੇ ਅਤੇ ਨਾਲ ਹੀ ਲੋਕਾਂ ਨੂੰ ਨਸ਼ਿਆਂ ਦੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਵੀ ਚਾਨਣਾ ਪਾਉਣਗੇ। ਉਨ੍ਹਾਂ ਹੋਰ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਟੀਮ ਮੈਂਬਰ ਵੀ ਨਸ਼ਾ ਛੁਡਾਓ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ ਵੱਲੋਂ ਵੀ ਹਰ ਹਫਤੇ ਕਾਲਜਾਂ ਦਾ ਦੌਰਾ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਵਿਚ ਪੈਨਲ ਐਡਵੋਕੇਟਾਂ ਤੋਂ ਇਲਾਵਾਂ ਲਾਅ ਵਿਦਿਆਰਥੀ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਮੂਲੀਅਤ ਕਰਨਗੇ।