ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

  • ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ

ਫਰੀਦਕੋਟ 03 ਅਕਤੂਬਰ 2024 : ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁਪਏ ਬਣਦੀ ਹੈ। ਜੇਕਰ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਪ੍ਰਤੀ ਏਕੜ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ 14 ਕਿਲੋ ਨਾਈਟ੍ਰੋਜਨ, 63 ਕਿਲੋ ਪੋਟਾਸ਼, 7 ਕਿਲੋ ਫਾਸਫੋਰਸ ਅਤੇ 3 ਕਿਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000/- ਰੁਪਏ ਬਣਦੀ ਹੈ।ਪ੍ਰਤੀ ਏਕੜ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਿਰਾਏ ਤੇ ਕਰਨ ਨਾਲ ਲਗਭਗ 2000/- ਤੋਂ 2500/- ਰੁਪਏ ਖਰਚ ਕੀਤੇ ਜਾਂਦੇ ਹਨ,ਇਸ ਤਰ੍ਹਾਂ 3500/-ਤੋਂ4000/-ਪ੍ਰਤੀ ਏਕੜ ਮੁੱਲ ਦੇ ਪੌਸ਼ਟਿਕ ਤੱਤ ਅਤੇ ਜੈਵਿਕ ਕਾਰਬਨ ਮਿੱਟੀ ਨੂੰ ਪ੍ਰਾਪਤ ਹੋ ਜਾਂਦੇ ਹਨ ਜਦ ਕਿ ਖੇਤ ਵਿੱਚ ਪਰਾਲੀ ਨੂੰ ਸਾੜਨ ਨਾਲ ਮਿੱਟੀ ਨੂੰ ਇਹ ਲਾਭ ਨਹੀਂ ਮਿਲਦਾ ।