ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 325014 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

  • ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 324298 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਮੰਡੀਆਂ ਵਿੱਚੋਂ 209069 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 666.41 ਕਰੋੜ ਰੁਪਏ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 25 ਹਜ਼ਾਰ 14 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3 ਲੱਖ 24 ਹਜ਼ਾਰ 298 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 2 ਲੱਖ 90 ਹਜ਼ਾਰ 69 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ 666.41 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 143029 ਮੀਟਰਿਕ ਟਨ, ਮਾਰਕਫੈੱਡ ਵੱਲੋਂ 73113 ਮੀਟਰਿਕ ਟਨ, ਪਨਸਪ ਵੱਲੋਂ 73090 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 34303 ਮੀਟਰਿਕ ਟਨ ਤੇ ਐਫ.ਸੀ.ਆਈ ਵੱਲੋਂ 763 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਘਾਤਕ ਸਿੱਧ ਹੁੰਦਾ ਹੈ, ਇਸ ਲਈ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹ ਦੇਣ ਤਾਂ ਜੋ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ।