ਕਲਾਕਾਰ ਗੁਰਦੀਪ ਮਨਾਲੀਆ ਜੁੜੇ ਜ਼ਿਲ੍ਹਾ ਬਰਨਾਲਾ ਨਾਲ, ਬਣੇ ਜ਼ਿਲ੍ਹੇ ਦੇ ਚੋਣ ਆਈਕਨ : ਡਿਪਟੀ ਕਮਿਸ਼ਨਰ

  • ਆਉਂਦੀਆਂ ਚੋਣਾਂ 'ਚ ਬਰਨਾਲਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕਰਾਂਗੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ, ਗੁਰਦੀਪ ਮਨਾਲੀਆ

ਬਰਨਾਲਾ, 15 ਨਵੰਬਰ : ਸੋਸ਼ਲ ਮੀਡੀਆ ਦੇ ਕਲਾਕਾਰ ਗੁਰਦੀਪ ਮਨਾਲੀਆ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨਾਲ ਜੁੜੇ ਹਨ ਅਤੇ ਆਉਂਦੀਆਂ ਚੋਣਾਂ 'ਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਕਲਾਕਾਰ ਗੁਰਦੀਪ ਸਿੰਘ ਮਨਾਲੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਵੱਲੋਂ ਆਉਂਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਤਹਿਤ ਨਵੀਆਂ ਵੋਟਾਂ ਬਣਾਉਣ, ਤਬਦੀਲੀ ਆਦਿ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਲਾਕਾਰ ਗੁਰਦੀਪ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਕੰਮ ਵਿਚ ਸਾਥ ਦੇਣਗੇ ਜਿਸ ਦੌਰਾਨ ਉਹ ਆਮ ਜਨਤਾ ਨੂੰ ਵੋਟਾਂ ਬਣਾਉਣ, ਵੋਟ ਪਾਉਣ ਦਾ ਅਧਿਕਾਰ ਇਸਤਮਾਲ ਕਰਨ, ਸੂਝਵਾਨ ਤਰੀਕੇ ਨਾਲ ਵੋਟ ਪਾਉਣ ਲਈ ਪ੍ਰੇਰਣਗੇ। ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੀਪ ਮਨਾਲਿਆ ਵਰਗੇ ਨੌਜਵਾਨ ਹੋਰਨਾਂ ਨੌਜਵਾਨਾਂ ਲਈ ਸੇਧ ਬਣਨਗੇ। ਇਸ ਮੌਕੇ ਬੋਲਦਿਆਂ ਗੁਰਦੀਪ ਮਨਾਲੀਆ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ 'ਚ ਚੋਣਾਂ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤਮਾਲ ਸੁਚੱਜੇ ਅਤੇ ਸੂਝਵਾਨ ਢੰਗ ਨਾਲ ਕਰਨਾ ਚਾਹੀਦਾ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਅਤੇ ਇਹ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।