ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ : ਖਹਿਰਾ

ਸੰਗਰੂਰ :  ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਾਹਮਣੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਦੋ ਕਿਸਾਨਾਂ ਦੀ ਮੌਤ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਕਿਸਾਨਾਂ ਦੀ ਮੌਤ ਲਈ ਮੁਆਵਜ਼ਾ ਮੰਗਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਕਿਹਾ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਬੀਕੇਯੂ ਉਗਰਾਹਾਂ ਦੇ ਦੋ ਕਿਸਾਨ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਘਰ ਦੇ ਬਾਹਰ 9 ਅਕਤੂਬਰ ਤੋਂ ਧਰਨੇ ਦੌਰਾਨ ਮਾਰੇ ਗਏ ਹਨ ਪਰ ਕਿਸੇ ਨੇ ਉਨ੍ਹਾਂ ਦੀ ਮੌਤ 'ਤੇ ਅਫਸੋਸ ਜਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਪੁੱਛਣ ਦੀ ਖੇਚਲ ਨਹੀਂ ਕੀਤੀ! ਮੋਦੀ ਤੇ ਉਨ੍ਹਾਂ  ਵਿੱਚ ਵਿੱਚ ਕੋਈ ਫਰਕ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸੰਗਰੂਰ ਵਿੱਚ ਭਗਵੰਤ ਮਾਨ ਦੇ ਘਰ ਦੇ ਬਾਹਰ ਬੀਕੇਯੂ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਮਰਨ ਵਾਲੇ ਦੋ ਕਿਸਾਨਾਂ ਨੂੰ 10 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਤੇ ਕਰਜ਼ਾ ਮੁਆਫ਼ੀ ਦੀ ਮੰਗ ਦਾ ਪੂਰਾ ਸਮਰਥਨ ਕਰਦਾ ਹਾਂ। ਜੇਕਰ ਪੰਜਾਬ ਦੇ ਕਿਸਾਨ ਕਰਜ਼ੇ ਹੇਠ ਦੱਬ ਕੇ ਮਰ ਰਹੇ ਹਨ ਤਾਂ ਪ੍ਰਚਾਰ 'ਤੇ ਕਰੋੜਾਂ ਖਰਚਣ ਦਾ ਕੀ ਮਤਲਬ ਹੈ? ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਸਾਹਮਣੇ ਡਟੇ ਹੋਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਦੀਵਾਲੀ ਵੀ ਧਰਨੇ ਵਿੱਚ ਹੀ ਮਨਾਉਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਹਜ਼ਾਰਾਂ ਕਿਸਾਨ ਅਣਮਿਥੇ ਸਮੇਂ ਲਈ ਪੱਕੇ ਮੋਰਚੇ ’ਤੇ ਡਟੇ ਹੋਏ ਹਨ। ਹਾਸਲ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾਈ ਟੀਮ ਨਾਲ ਦੋ ਗੇੜ ’ਚ ਮੀਟਿੰਗ ਕੀਤੀ ਗਈ। ਪਹਿਲੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜ ਮੈਂਬਰੀ ਸੂਬਾਈ ਵਫ਼ਦ ਦੀ ਮੀਟਿੰਗ ਡੀਸੀ ਜਤਿੰਦਰ ਜ਼ੋਰਵਾਲ ਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਨਾਲ ਹੋਈ। ਇਸ ਮਗਰੋਂ ਜਥੇਬੰਦੀ ਵੱਲੋਂ ਪ੍ਰਸ਼ਾਸਨ ਦਾ ਪੱਖ ਸੁਣਨ ਮਗਰੋਂ ਸੂਬਾਈ ਕਮੇਟੀ ਨਾਲ ਮੀਟਿੰਗ ਕਰਕੇ ਵਿਚਾਰ ਵਿਟਾਂਦਰਾ ਕੀਤਾ ਗਿਆ।