ਸਮਝੌਤੇ ਦੀ ਕਾਪੀ ਦੇਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਏ.ਐਸ.ਆਈ. ਖਿਲਾਫ ਕੇਸ ਦਰਜ

ਬਰਨਾਲਾ, 6 ਜਨਵਰੀ (ਭੁਪਿੰਦਰ ਧਨੇਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤ ਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।