ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਨ

ਫਰੀਦਕੋਟ 13 ਜੁਲਾਈ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਇਸ ਕੈਪ ਵਿੱਚ ਸਿਹਤ ਵਿਭਾਗ ਦੀਆਂ ਆਰ.ਬੀ.ਐਸ.ਕੇ. ਟੀਮਾਂ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਅਤੇ ਛੋਟੇ ਬੱਚਿਆਂ ਦੀ ਅਨੀਮੀਆਂ ਦੀ ਜਾਂਚ ਕੀਤੀ ਗਈ ਅਤੇ ਆਇਰਨ ਫੋਲਿਕ ਐਸਿਡ ਸਿਰਪ ਮੁਹੱਈਆ ਕਰਵਾਏ ਗਏ। ਇਸ ਮੌਕੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਵਿੱਚ ਖੂਨ ਦੀ ਕਮੀ ਕਾਰਨ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਬਹੁਤ ਰੁਕਾਵਟ ਪੈਦਾ ਹੁੰਦੀ ਹੈ। ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ਵਿੱਚ ਆਇਰਨ ਦੇ ਸ੍ਰੋਤ ਵਾਲੀਆਂ ਚੀਜਾਂ ਦੀ ਜਿਆਦਾ ਵਰਤੋਂ ਕਰਨੀ ਚਾਹੀਦੀ ਹੈ ਜਿਵੇਂ ਪਾਲਕ, ਭੁੱਜੇ ਛੋਲੇ ਆਦਿ ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਜਰੂਰ ਖਾਣੀਆਂ ਚਾਹੀਦੀਆਂ ਹਨ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਗਰਭ ਅਵਸਥਾ ਦੌਰਾਨ ਖੂਨ ਦੀ ਕਮੀ ਮਾਂ ਅਤੇ ਬੱਚੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦਾ ਹੈ। ਇਸ ਕੈਂਪ ਦੌਰਾਨ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋ ਪੌਦੇ ਲਗਾ ਕੇ ਕੀਤੀ ਗਈ ਅਤੇ ਉਨ੍ਹਾਂ ਫਰੀਦਕੋਟ ਦੇ ਸਾਰੇ ਆਂਗਣਵਾੜੀ ਸੈਟਰਾਂ ਵਿੱਚ ਵੱਧ ਤੋ ਵੱਧ ਫਲਦਾਰ ਅਤੇ ਮੈਡਿਕੇਟਡ ਬੂਟੇ ਲਗਾਉਣ ਅਤੇ ਕਿਚਨ ਗਾਰਡਨ ਤਿਆਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।