ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸੰਗਰੂਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਵਲ ਸਰਜਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਵਿਸ਼ਵ ਮਲੇਰੀਆ ਦਿਵਸ ਦਾ ਵਿਸ਼ਾ ‘ਹੁਣ ਸਮਾਂ ਮਲੇਰੀਆ ਨੂੰ ਖਤਮ ਕਰਨ ਦਾ’ ਹੈ। ਇਸ ਲਈ ਆਓ ਅਸੀਂ ਸਭ ਰਲ ਮਿਲ ਕੇ ਸਾਡੇ ਕੋਲ ਮੌਜੂਦ ਸਾਰੇ ਸਰੋਤਾਂ ਦੀ ਵਰਤੋਂ ਕਰੀਏ ਤਾਂ ਜੋ ਮਲੇਰੀਆ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਅਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਅਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਕਰਾਉਣੀ ਚਾਹੀਦੀ ਹੈ। ਮਲੇਰੀਆ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਕੂਲਰਾਂ, ਗਮਲਿਆਂ ਆਦਿ ਅਤੇ ਆਲੇ ਦੁਆਲੇ ਗਲੀਆਂ, ਨਾਲੀਆਂ ਆਦਿ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਤੇ ਸਰੋਜ ਰਾਣੀ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਏ.ਐਮ.ਓ ਮਲਕੀਤ ਸਿੰਘ, ਜਗਤਾਰ ਸਿੰਘ ਤੇ ਹਰਦੇਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।