ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ

  • ਹੁਕਮ 01 ਦਸੰਬਰ 2023 ਤੱਕ ਲਾਗੂ ਰਹਿਣਗੇ
  • ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ

ਫਰੀਦਕੋਟ 12 ਅਕਤੂਬਰ : ਜ਼ਿਲਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ  ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ  ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ੍ਹ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 01 ਦਸੰਬਰ  2023 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ/ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਕਰਕੇ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅੱਗ ਲਗਾਉਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਸੜਕ ਦੁਆਲੇ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ, ਇਸ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਇਹ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।