ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 20 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ.ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ।ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ  19 ਸਤੰਬਰ, 2023 ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ਤੇ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ਉਨ੍ਹਾਂ ਤੇ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ।