ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਨੌਜਵਾਨਾਂ ਨੂੰ ਨਜਾਇਜ ਹਥਿਆਰਾਂ ਤੇ 2 ਸਕਾਰਪੀਓ ਗੱਡੀਆਂ ਸਮੇਤ ਕੀਤਾ ਕਾਬੂ

ਬਰਨਾਲਾ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ 9 ਨਜਾਇਜ ਹਥਿਆਰ ਫੜ੍ਹਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਰਮਨੀਸ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 9 ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਵਿੱਚ ਛੇ ਬਾਰਾਂ ਬੋਰ, ਤਿੰਨ 32 ਬੋਰ ਪਿਸਤੌਲ ਅਤੇ ਕਈ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਸਕਾਰਪੀਓ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਲੁੱਟ-ਖੋਹ, ਨਸ਼ਾ, ਅਸਲਾ ਐਕਟ ਅਤੇ ਕਤਲ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸਤਨਾਮ ਸਿੰਘ ਦਾ ਸਬੰਧ ਗੈਂਗਸਟਰ ਕੁਲਬੀਰ ਸਿੰਘ ਨਰੂਆਣਾ ਅਤੇ ਅਜੀਤ ਸਿੰਘ ਗੈਂਗਸਟਰ ਗੈਂਗ ਨਾਲ ਹੈ ਅਤੇ ਉਹ ਵੀ ਇੱਕ ਕੇਸ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।