ਰਾਏਕੋਟ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰਨਾਂ ਰਾਜਾਂ ਦੇ ਰਾਜਨੀਤਿਕ, ਧਾਰਮਿਕ ਆਗੂਆਂ ਵੱਲੋਂ ਪਿੰਡ ਬਾਦਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਪਿੰਡ ਬਾਦਲ ਪਹੁੰਚ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਪੰਜਵਾਰ ਮੁੱਖ ਮੰਤਰੀ ਰਹੇ ਸ੍ਰ. ਪ੍ਰਕਾਸ਼ ਸਿੰਘ ਬਾਦਲ ਦਾ ਜਾਣਾ ਦੇਸ਼ ਦੀ ਰਾਜਨੀਤੀ ਨੂੰ ਇੱਕ ਵੱਡਾ ਘਾਟਾ ਹੈ। ਖਾਲਸਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੇ ਪੰਜਾਬ ਵਿੱਚ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ, ਉਨ੍ਹਾਂ ਨੂੰ ਮਾਣ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ‘ਚ ਕੰਮ ਕਰ ਚੁੱਕੇ ਹਨ। ਇਸ ਮੌਕੇ ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਲਖਵੀਰ ਸਿੰਘ ਬੁਰਜ ਹਕੀਮਾਂ, ਮਨਜੀਤ ਸਿੰਘ ਫੌਜੀ ਬੱਸੀਆਂ, ਜਗਪਾਲ ਸਿੰਘ ਸਿਵੀਆਂ, ਹਰਜੀਤ ਸਿੰਘ ਭੋਲਾ, ਪ੍ਰਧਾਨ ਜਗਦੇਵ ਸਿੰਘ ਤਾਜਪੁਰ ਵੀ ਹਾਜ਼ਰ ਸਨ।