ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਮੁੱਖ ਮੰਤਰੀ ਦੇ ਫੈਸਲੇ ਦੀ ਸ਼ਲਾਘਾ

ਸਮਰਾਲਾ, 17 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿੱਚ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਸਮਰਾਲਾ ਨੇੜੇੇ ਪਿੰਡ ਉਟਾਲਾਂ ਵਿੱਚ ਸਾਲਾਨਾ ਕਬੱਡੀ ਟੂਰਨਾਮੈਂਟ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸਫਲ ਆਯੋਜਨ ਕੀਤਾ ਗਿਆ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਖੋਡਾਂ ਦੌਰਾਨ ਲਗਭਗ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਇਨਾਮ ਵਜੋਂ 1.5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਐਸ.ਪੀ. ਹਰੀਸ਼ ਓਮ ਪ੍ਰਕਾਸ਼ ਦਿਆਮਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ 'ਚ ਦਰਸ਼ਕ ਵੀ ਮੌਜੂਦ ਸਨ।