ਕੈਬਨਿਟ ਮੰਤਰੀ ਚੀਮਾ ਨੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ

ਦਿੜ੍ਹਬਾ, 08 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਹੀ ਨਾਲ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇੱਕ ਸਾਲ ਅੰਦਰ ਮੁਕੰਮਲ ਕਰਕੇ ਦਿੜ੍ਹਬਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀ ਕਮੀ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਚੁਫੇਰਿਓਂ ਸਵਾਗਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਵਿਖੇ ਵੀ ਸਮੂਹ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰ ਵੱਖ ਵੱਖ ਥਾਵਾਂ ਤੇ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਸਬ ਡਵੀਜ਼ਨਲ ਕੰਪਲੈਕਸ ਦੇ ਬਣਨ ਨਾਲ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਮਿਲ ਸਕਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਸਮੇਂ ਵਿੱਚ ਇਸ ਕੰਪਲੈਕਸ ਦੀ ਉਸਾਰੀ ਉਤੇ ਕਰੀਬ 10.68 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਸੀ ਪਰ ਹੁਣ ਇਹ ਨਿਰਮਾਣ ਕਾਰਜ ਕਰੀਬ 9.24 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣਗੇ ਜਿਸ ਨਾਲ ਕਰੀਬ 1.44 ਕਰੋੜ ਰੁਪਏ ਦੀ ਬੱਚਤ ਹੋਵੇਗੀ। ਹਰਪਾਲ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਸਬ ਡਵੀਜ਼ਨਲ ਕੰਪਲੈਕਸ ਵਿੱਚ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਅਧਿਕਾਰੀਆਂ ਲਈ ਰਿਹਾਇਸ਼ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਸਮੁੱਚੇ ਨਿਰਮਾਣ ਕਾਰਜ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਡੀਐਸਪੀ ਪ੍ਰਿਥਵੀ ਸਿੰਘ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।