ਪਿੰਡ ਰੋਗਲਾ ਵਿਖੇ ਕੈਬਨਿਟ ਮੰਤਰੀ ਸਾਂਝੇ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ, ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਮਨ ਵਿੱਚ ਸੰਕਲਪ ਕਰਨਾ ਚਾਹੀਦਾ ਹੈ : ਚੀਮਾ
ਦਿੜ੍ਹਬਾ : ਅੱਜ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਉਨ੍ਹਾਂ ਰੋਗਲਾ ਵਿਖੇ ਇਸ ਸਬੰਧੀ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਣੀ ਦੇ ਅਜਾਈਂ ਨਸ਼ਟ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ ਜਿਸ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਮਨ ਵਿੱਚ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਾਣੀ ਦੀ ਬੂੰਦ ਬੂੰਦ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੇ ਰਵਾਇਤੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਨੁੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ ਕਿਉਂ ਜੋ ਚਾਵਲ ਦੇ ਉਤਪਾਦਨ ’ਤੇ ਭਾਰੀ ਮਾਤਰਾ ਵਿੱਚ ਪਾਣੀ ਦੀ ਵਰਤੋਂ ਹੁੰਦੀ ਹੈ। ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰੋਗਲਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਇਸ ਪ੍ਰੋਜੈਕਟ ’ਤੇ ਕੁਲ 99.25 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ 89.325 ਲੱਖ ਰੁਪਏ ਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਜਦਕਿ 195 ਹੈਕਟੇਅਰ ਰਕਬਾ ਸਿੰਚਾਈ ਲਈ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੌਹਰੀਆਂ ਵਿਖੇ 69.138 ਲੱਖ ਰੁਪਏ ਦੀ ਲਾਗਤ ਨਾਲ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਸ ਪ੍ਰੋਜੈਕਟ ਅਧੀਨ 131.20 ਹੈਕਟੇਅਰ ਰਕਬੇ ਦੇ ਖੇਤਾਂ ਦੀ ਸਿੰਜਾਈ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ’ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਸਾਬਤ ਹੋਣਗੇ ਅਤੇ ਨੇੜ ਭਵਿੱਖ ਵਿੱਚ ਹਲਕਾ ਦਿੜ੍ਹਬਾ ਸਮੇਤ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਆਰੰਭਿਆ ਜਾਵੇਗਾ।
ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਓਐਸਡੀ ਤਪਿੰਦਰ ਸਿੰਘ ਸੋਹੀ, ਭੂਮੀ ਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਗੁਰਸੇਵਕ ਸਿੰਘ ਧਾਲੀਵਾਲ, ਸ਼ਰੇਆਂਸ ਮਿੱਤਲ ਵੀ ਹਾਜ਼ਰ ਸਨ।