ਖੇਤੀਬਾੜੀ ਵਿਭਾਗ ਵਲੋਂ ਪਿੰਡ ਖਿਆਲੀ ਵਿੱਚ ਕੈਂਪ, ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 20 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪਿੰਡ ਖਿਆਲੀ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੈਨਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘਟੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ। ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਯੂਨੀਵਰਿਸਟੀ ਵਲੋਂ ਸਿਫਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਵੱਲੋਂ ਦੱਸਿਆ ਗਿਆ ਕਿ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਇਸ ਮੌਕੇ ਸ਼੍ਰੀ ਕੁਲਵੀਰ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਨੂਮਨੇ ਲੈ ਕੇ ਚੈਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਹਨਾਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸ੍ਰੀ ਕੁਲਦੀਪ ਸਿੰਘ ਬੇਲਦਾਰ ਅਤੇ ਅਗਾਂਹਵਧੂ ਕਿਸਾਨ ਸਰਪੰਚ ਬੱਗੂ ਰਾਮ, ਚਰਨਜੀਤ ਸਿੰਘ, ਅਵਤਾਰ ਸਿੰਘ, ਸੇਵਕ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਕਿਸਾਨ ਹਾਜ਼ਰ ਸਨ।