22 ਦਸੰਬਰ ਨੂੰ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਅਤੇ ਲਾਹਾ ਮੁਹੱਈਆ ਕਰਵਾਉਣ ਸਬੰਧੀ ਲਗਾਇਆ ਜਾਵੇਗਾ ਕੈਂਪ

ਫਾਜਿ਼ਲਕਾ 20 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੇ ਸਕੀਮਾਂ ਦਾ ਲਾਹਾ ਸੁਖਾਵੇਂ ਮਾਹੌਲ ਵਿਚ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੈਂਪ ਲਗਾ ਰਿਹਾ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਇਕ ਛੱਤ ਹੇਠ ਬੈਠ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 22 ਦਸੰਬਰ 2023 ਨੂੰ ਦਫਤਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਰਹੱਦੀ ਖੇਤਰਾਂ ਤੋਂ ਬਾਅਦ ਸ਼ਹਿਰੀ ਖੇਤਰ ਦੇ ਲੋਕਾਂ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਵਜੇ ਤੱਕ ਲਗਾਇਆ ਜਾਵੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਸ਼ਹਿਰੀ ਵਾਟਰ ਸਪਲਾਈ, ਸੀਵਰੇਜ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਮਾਲ ਵਿਭਾਗ ਨਾਲ ਸਬੰਧਤ ਅਤੇ ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ। ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰੋਜਗਾਰ ਵਿਭਾਗ, ਕਿਰਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਤੇ ਹੁਨਰ ਵਿਕਾਸ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।