ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ : ਪ੍ਰਧਾਨ ਧਾਮੀ

ਲੁਧਿਆਣਾ, 12 ਫਰਵਰੀ  : ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਨੇ ਕੀਤਾ। ਅੱਜ ਉਹ ਇਤਿਹਾਸਿਕ ਗੁਰਦੁਆਰਾ ਵਿਖੇ ਇੱਕ ਮੀਟਿੰਗ ‘ਚ ਸ਼ਾਮਿਲ ਹੋਏ ਸਨ। ਇਸ ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ।  ਪ੍ਰਧਾਨ ਧਾਮੀ ਨੇ ਦੱਸਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਦਸੰਬਰ ਵਿਚ ਸ਼ੁਰੂ ਕੀਤੀ ਹਸਤਾਖ਼ਰ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਦਸਤਖ਼ਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਵਿਸਥਾਰ ਕੀਤਾ ਜਾਵੇਗਾ ਅਤੇ 18 ਫਰਵਰੀ ਨੂੰ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ।  ਪ੍ਰਧਾਨ ਧਾਮੀ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਘੱਟੋ-ਘੱਟ ਚਾਰ ਥਾਵਾਂ ’ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।