ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ: ਵਿਧਾਇਕ ਹੈਪੀ

  • ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ
  • ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ

ਫ਼ਤਹਿਗੜ੍ਹ ਸਾਹਿਬ 06 ਫਰਵਰੀ : ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਹਲਕਾ ਬਸੀ ਪਠਾਣਾ ਦੇ ਪਿੰਡਾਂ ਸ਼ਹੀਦਗੜ੍ਹ, ਵਜੀਦਪੁਰ,  ਲੋਹਾਰੀ ਕਲਾਂ, ਨੌਗਾਵਾਂ, ਰਤਨਗੜ੍ਹ, ਮਨੈਲੀ, ਮਨੈਲਾ ਤੇ ਧਨੋਲਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਸੁਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ। ਵਿਧਾਇਕ ਹੈਪੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਨ੍ਰਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਸੰਪਰਕ ਕਰਕੇ ਆਪਣੇ ਘਰਾਂ ਵਿੱਚ ਹੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਸ. ਹੈਪੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।