ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਅੰਗਹੀਣਾਂ ਲਈ) ਵੱਲੋਂ ਰੋਜ਼ਗਾਰ ਮੇਲਾ ਆਯੋਜਿਤ

ਲੁਧਿਆਣਾ, 28 ਜੂਨ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ (ਅੰਗਹੀਣਾਂ ਲਈ) ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਸਹਿਯੋਗ ਨਾਲ ਸਥਾਨਕ ਗਿੱਲ ਰੋਡ ਸੈਂਟਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 47 ਦਿਵਿਆਂਗ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਸ੍ਰੀ ਆਸ਼ੀਸ਼ ਕੁੱਲੂ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਈ.ਈ. ਦੇ ਸਹਿਯੋਗ ਨਾਲ ਕਰਵਾਏ ਗਏ ਰੋਜ਼ਗਾਰ ਮੇਲੇ ਦੌਰਾਨ ਕੁੱਲ 98 ਨੌਜਵਾਨਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ 51 ਸਾਧਾਰਨ ਅਤੇ 47 ਦਿਵਿਆਂਗ ਨੌਜਵਾਨ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੇਲੇ ਵਿੱਚ ਉੱਘੀਆਂ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਟੈਕ ਆਟੋ ਲੁਧਿਆਣਾ, ਕੂਐਸ ਕਾਰਪ, ਡਿਸਟਿਲ ਐਜੂਕੇਸ਼ਨ ਆਦਿ ਸ਼ਾਮਲ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਲੋਂ 63 ਨੌਜਵਾਨਾਂ ਨੂੰ ਚਿੰਨ੍ਹਹਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ 21 ਦਿਵਿਆਂਗ ਅਤੇ 42 ਸਾਧਾਰਨ ਨੌਜਵਾਨ ਸ਼ਾਮਲ ਹਨ। ਇਸ ਤੋਂ ਇਲਾਵਾ 2 ਦਿਵਿਆਂਗ ਨੌਜਵਾਨਾਂ ਦੀ ਨੌਕਰੀ ਲਈ ਚੋਣ ਵੀ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਅੰਗਹੀਣਾਂ ਲਈ), ਭਾਰਤ ਸਰਕਾਰ ਦੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੁਆਰਾ 1973 ਤੋਂ ਅੰਗਹੀਣ ਵਿਅਕਤੀਆਂ ਦੀ ਸਿਖਲਾਈ ਤੇ ਰੋਜ਼ਗਾਰ ਲਈ ਸਥਾਪਤ ਕੀਤੀ ਗਈ ਇੱਕ ਉੱਘੀ ਸੰਸਥਾ ਹੈ। ਇਹ ਕੇਂਦਰ ਅੰਗਹੀਣ ਵਿਅਕਤੀਆਂ ਲਈ ਰੋਜ਼ਗਾਰ ਰਜਿਸ਼ਟ੍ਰੇਸ਼ਨ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਕਿੱਤਾਮੁਖੀ ਮਾਰਗਦਰਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦਾ ਬੱਲ ਪ੍ਰਦਾਨ ਕਰਦਾ ਹੈ। ਅਖੀਰ ਵਿੱਚ, ਸਹਾਇਕ ਡਾਇਰੈਕਟਰ ਸ੍ਰੀ ਆਸ਼ੀਸ਼ ਕੁੱਲੂ ਵਲੋਂ ਰੋਜ਼ਗਾਰ ਮੇਲੇ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਮੁੱਖ ਸਖ਼ਸ਼ੀਅਤਾਂ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ ਗਿਆ।