ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਦੇ ਨੁਕਸਾਨ ਨੂੰ ਕੇਂਦਰ ਸਰਕਾਰ ਕੁਦਰਤੀ ਆਫਤ ਘੋਸਿਤ ਕਰੇ : ਪ੍ਰਧਾਨ ਗਿੱਲ

  • ਬੀਕੇਯੂ ਕਾਦੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਐਸਡੀਐਮ ਰਾਏਕੋਟ ਨੂੰ ਸੌਂਪਿਆ ਮੰਗ ਪੱਤਰ।

ਰਾਏਕੋਟ, 13 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਸਡੀਐਮ ਰਾਏਕੋਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗਿੱਲ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਦੇ ਨੁਕਸਾਨ ਨੂੰ ਕੇਂਦਰ ਸਰਕਾਰ ਕੁਦਰਤੀ ਆਫਤ ਘੋਸਿਤ ਕਰੇ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਹਾਇਤਾ ਕਰੇ। ਉਨ੍ਹਾਂ ਕਿਹਾ ਕਿ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਹਮਦਰਦੀ ਕਰਨ ਦੀ ਬਜਾਏ ਉਲਟਾ ਕਣਕ ਦੀ ਖ੍ਰੀਦ ਸਮੇਂ ਦਾਗੀ ਦਾਣਿਆਂ ਕਾਰਨ 5 ਰੁਪੈ 31 ਪੈਸੇ ਤੋਂ 31 ਰੁਪੈ 87 ਪੈਸੇ ਘੱਟੋ ਘੱਟ ਸਮਰੱਥਨ ਮੁੱਲ਼ 2125 ਰੁਪੈ ਪ੍ਰਤੀ ਕੁਇੰਟਲ ‘ਚ ਕੱਟ ਲਗਾਉਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਫੁਰਮਾਨ ਵਾਪਸ ਨਾ ਲਿਆ ਤਾਂ ਬੀਕੇਯੂ ਕਾਦੀਆਂ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਸੰਘਰਸ਼ ਕਰੇਗੀ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਕੱਟ ਦੇ ਹੁਕਮ ਨੂੰ ਵਾਪਸ ਲਵੇ, ਕਿਸਾਨਾਂ ਨੂੰ 500 ਰੂਪੈ ਪ੍ਰਤੀ ਕੁਇੰਟਲ ਕਣਕ ਦੀ ਖ੍ਰੀਦ ਤੇ ਬੋਨਸ ਦੇਵੇ। ਪ੍ਰਧਾਨ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਟਵਾਰੀਆਂ ਨੂੰ ਪਿੰਡਾਂ ਵਿੱਚ ਜਾ ਕੇ ਗਿਰਦਾਵਰੀਆਂ ਕਰਨ ਦਾ ਹੁਕਮ ਦਿੱਤਾ ਗਿਆ ਹੈ, ਪਰ ਪਟਵਾਰੀਆਂ ਵੱਲੋਂ ਬਿਨ੍ਹਾ ਕਿਸੇ ਗਿਰਦਾਵਰੀ ਕੀਤੇ ਫਸਲ ਖਰਾਬੇ ਦੀ ਜਾਣਕਾਰੀ ਦਰਜ ਕੀਤੀ ਜਾ ਰਹੀ ਹੈ। ਜੋ ਕਿ ਖਾਨਾਪੂਰਤੀ ਤੋਂ ਸਿਵਾਏ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇੰਨ੍ਹਾਂ ਗੱਲਾਂ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਦੀ ਜੱਥੇਬੰਦੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਸਟੈਨੋ ਜਤਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਜਨਰਲ ਸਕੱਤਰ ਮਨਦੀਪ ਸਿੰਘ, ਬਲਾਕ ਸੁਧਾਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਮੁੱਖ ਸਲਾਹਕਾਰ ਅਮਰ ਸਿੰਘ ਤਲਵੰਡੀ, ਪ੍ਰਧਾਨ ਬਲਜਿੰਦਰ ਸਿੰਘ, ਬਲਾਕ ਰਾਏਕੋਟ ਦੇ ਪ੍ਰਧਾਨ ਇੰਦਰਜੀਤ ਸਿੰਘ, ਭਗਵੰਤ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਪਿੰਦਾ ਦੱਧਾਹੂਰ,  ਬੂਟਾ ਸਿੰਘ, ਇੰਦਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।