ਚੇਅਰਮੈਨ ਢਿੱਲਵਾਂ ਸੈਂਟਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਹੋਏ ਸ਼ਾਮਲ

ਫਰੀਦਕੋਟ 12 ਅਕਤੂਬਰ : ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਅੱਜ  ਪਿੰਡ ਢਿੱਲਵਾਂ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਕੋਟਕਪੂਰਾ ਦੀਆਂ ਸੈਂਟਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਦੋਂ ਦੀ ਇਸ ਸੂਬੇ ਦੀ ਵਾਂਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਨਸ਼ਿਆਂ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬੇਮੁੱਖ ਕਰਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ ਜਿਹੇ ਪ੍ਰੋਗਰਾਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਹਰ ਵਕਤ ਤੱਤਪਰ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੀ ਲੜੀ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸੁਪਨਾ ਹੈ ਕਿ ਪੰਜਾਬ ਦੇ ਨੋਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਕੇ ਪੰਜਾਬ ਜੀ ਜਵਾਨੀ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਚਾਹੇ ਉਹ ਸਕੂਲਾਂ ਵਿੱਚ ਹਨ ਜਾਂ ਸੂਬੇ ਵਿੱਚ ਹਨ ਨੂੰ ਚਾਲੂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਵਿੱਦਿਅਕ ਜੀਵਨ ਦੇ ਨਾਲ ਨਾਲ ਖੇਡਾਂ ਦੇ ਵੱਲ ਵੀ ਧਿਆਨ ਦੇਣਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੰਦਰੁਸਤੀ ਤੇ ਚੇਤੰਨਤਾ ਦੇ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ  ਪ੍ਰਾਇਮਰੀ ਪੱਧਰ ਦੇ ਇਹ ਖਿਡਾਰੀ ਇੱਕ ਦਿਨ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਬਣਨਗੇ ਤੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।