ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3392 ਵਿਅਕਤੀਆਂ ਦੇ ਪਿਛਲੇ ਤਿੰਨ ਮਹੀਨੇ ਦੌਰਾਨ ਕੀਤੇ ਗਏ ਚਲਾਨ : ਡਿਪਟੀ ਕਮਿਸ਼ਨਰ

  • ਸੜ੍ਹਕ ਸੁਰੱਖਿਆ ਸਬੰਧੀ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾ ਰਹੀ ਹੈ ਮੁਹਿੰਮ
  • ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮਜ਼ ਪੰਚਾਇਤਾਂ ਨਾਲ ਕਰਨਗੇ ਮੀਟਿੰਗਾਂ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੜਕ ਸੁਰੱਖਿਆ ਸਬੰਧੀ ਬੱਚਤ ਭਵਨ ਵਿੱਚ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਸਤੰਬਰ : ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਵਿੱਚ ਕਈ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ। ਇਸ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਸੜਕ ਸੁਰੱਖਿਆ ਸਬੰਧੀ ਮੁਹਿੰਮ ਸ਼ੁਰੂ ਕਰਨ ਤਾਂ ਜੋ ਆਮ ਲੋਕਾਂ ਨੂੰ ਜਾਗਰੂਕ ਕਰਕੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚਲੇ ਬਲੈਕ ਸਪਾਟ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀ ਟਰੈਫਿਕ ਪੁਲਿਸ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3392 ਵਿਅਕਤੀਆਂ ਦੇ ਚਲਾਨ ਕੀਤੇ ਹਨ ਜਿਨ੍ਹਾਂ ਵਿੱਚੋਂ ਮਹੀਨਾ ਜੂਨ ਵਿੱਚ 1402, ਜੁਲਾਈ ਮਹੀਨੇ ਵਿੱਚ 1040 ਅਤੇ ਅਗਸਤ ਮਹੀਨੇ ਵਿੱਚ 950 ਚਲਾਨ ਕੀਤੇ ਗਏ। ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਵਾਸਤੇ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ 47 ਜਾਗਰੂਕਤਾ ਸੈਮੀਨਾਰ ਵੀ ਕਰਵਾਏ ਗਏ ਹਨ। ਉਨ੍ਹਾਂ ਟਰੈਫਿਕ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਕੇ ਵਾਹਨ ਚਲਾਉਣ ਵਾਲਿਆਂ, ਬਿਨਾਂ ਸੀਟ ਬੈਲਟ, ਬਿਨਾਂ ਹੈਲਮਟ, ਵਾਹਨ ਚਲਾਉਣ ਸਮੇਂ ਮੋਬਾਇਲ ਦੀ ਵਰਤੋਂ ਕਰਨ ਅਤੇ ਟਰੈਫਿਕ ਲਾਈਟਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਰ ਸਖਤੀ ਵਰਤੀ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਪਿਛਲੇ ਸਮੇਂ ਦੌਰਾਨ ਜਿਹੜੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਹੋਈਆਂ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਐਸ.ਡੀ.ਐਮਜ਼ ਜਾਂ ਹੋਰ ਸਬੰਧਤ ਅਧਿਕਾਰੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹੇ ਵਿੱਚੋਂ ਅੱਗ ਲਗਾਉਂਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ ਵੀ ਲਗਾਏ ਜਾਣ ਅਤੇ ਇਨ੍ਹਾਂ ਕੈਂਪਾਂ ਵਿੱਚ ਮਾਹਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਵਿੱਚ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਬੱਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ,  ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਕੁਮਾਰ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫਸਰ ਦਮਨ ਝਾਂਜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।