ਸ੍ਰੀ ਆਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਨਤਮਸਕ ਹੋਏ।

ਸ਼੍ਰੀ ਆਨੰਦਪੁਰ ਸਾਹਿਬ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਆਨੰਦਪੁਰ ਸਾਹਿਬ ਪੁੱਜੇ। ਦੋਵਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।ਇਸ ਤੋਂ ਬਾਅਦ ਸੀਐਮ ਮਾਨ ਨੇ ਹੋਲੇ ਮੁਹੱਲੇ ਮੌਕੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਇਸ ਦੇ ਨਾਲ ਹੀ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦੇਣ ਲਈ ਕਿਹਾ। ਉਨ੍ਹਾਂ ਨੇ ਟਵੀਟ ਰਾਹੀਂ ਇਹ ਜਾਣਕਾਰੀ ਜਨਤਕ ਵੀ ਕੀਤੀ ਹੈ।ਜ਼ਿਕਰਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।