ਮੁੱਖ ਮੰਤਰੀ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ  ਫਾਜਿ਼ਲਕਾ  ਜਿ਼ਲ੍ਹੇ ਲਈ  8.77 ਕਰੋੜ ਰੁਪਏ ਜਾਰੀ :  ਸਵਨਾ

  • ਕਿਹਾ, ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ

ਫਾਜਿ਼ਲਕਾ, 23 ਅਗਸਤ : ਫਾਜਿ਼ਲਕਾ  ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਫਾਜਿ਼ਲਕਾ ਜਿ਼ਲ੍ਹੇ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 8 ਕਰੋੜ 77 ਲੱਖ 6,400 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਅਤੇ ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿ਼ਲ੍ਹੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਾਂ ਦੀ ਕੋਈ ਘਾਟ ਨਹੀਂ ਹੈ। ਸ੍ਰੀ ਸਵਨਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫਾਜਿ਼ਲਕਾ ਜਿ਼ਲ੍ਹੇ ਦੇ ਜਿੰਨ੍ਹਾਂ ਲੋਕਾਂ ਦੇ ਘਰ ਪਿੱਛਲੇ ਹੜ੍ਹ ਵਿਚ ਡਿੱਗੇ ਸਨ ਉਨ੍ਹਾਂ ਨੂੰ ਮੁਆਵਜੇ ਦੀ ਰਕਮ ਪਹਿਲਾਂ ਹੀ ਉਨ੍ਹਾਂ ਦੇ ਖਾਤਿਆਂ ਵਿਚ ਭੇਜ਼ ਦਿੱਤੀ ਗਈ ਹੈ।