ਬੱਚੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਦੇ ਸੁਨਹਿਰੇ ਭਵਿੱਖ ਦੇ ਲਈ ਮੁੱਢਲੀ ਸਿੱਖਿਆ ਪ੍ਰਣਾਲੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ : ਸੰਧਵਾਂ

ਫਰੀਦਕੋਟ 11 ਫਰਵਰੀ : ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਕ ਦਿਵਸ ਸਮਾਗਮ   ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਦੇ ਸੁਨਹਿਰੇ ਭਵਿੱਖ ਦੇ ਲਈ ਮੁੱਢਲੀ ਸਿੱਖਿਆ ਪ੍ਰਣਾਲੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਸਿੱਖਿਆ ਅਤੇ ਖੇਡ ਦੇ ਖੇਤਰ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੜੀ ਦੇ ਤਹਿਤ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ 35 ਲੱਖ ਰੁਪਏ ਦੀ ਰਾਸ਼ੀ ਯੂਥ ਕਲੱਬਾਂ ਨੂੰ ਦਿੱਤੀ ਹੈ। ਯੂਥ ਕਲੱਬਾਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਨੌਜਵਾਨ ਸਰੀਰਕ ਤੌਰ ਤੇ ਵੀ ਮਜ਼ਬੂਤ ਬਣ ਸਕਣ। ਉਨ੍ਹਾਂ ਕਿਹਾ ਕਿ ਹੁਣ ਗੁਣ ਅਤੇ ਕਲਾ ਦੀ ਕਦਰ ਹੋਵੇਗੀ। ਅਗਰ ਕਿਸੇ ਵਿਅਕਤੀ ਵਿੱਚ ਕਿਸੇ ਤਰ੍ਹਾਂ ਦਾ ਕੋਈ ਗੁਣ ਜਾਂ ਕਲਾ ਹੈ ਕੋਈ ਵੀ ਉਸ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜ਼ਿੰਦਗੀ ਇਕ ਵਾਰ ਮਿਲਦੀ ਹੈ। ਇਸ ਲਈ ਸਾਨੂੰ ਆਪਣੇ ਅਧਿਆਪਕਾਂ ਅਤੇ ਮਾਤਾ ਪਿਤਾ ਦੀ ਸਹਾਇਤਾ ਦੇ ਨਾਲ ਅੱਗੇ ਵਧਣਾ ਚਾਹੀਦਾ ਹੈ। ਮਾਤਾ-ਪਿਤਾ ਅਤੇ ਅਧਿਆਪਕ ਆਪਣੇ ਵਿਦਿਆਰਥੀਆਂ ਅਤੇ ਬੱਚਿਆਂ ਨੂੰ ਅੱਗੇ ਵੱਧਦੇ ਵੇਖ ਕੇ ਹਮੇਸ਼ਾ ਖੁਸ਼ ਹੁੰਦੇ ਹਨ। ਇਸ ਮੌਕੇ ਐੱਸ.ਡੀ.ਐੱਮ ਕੋਟਕਪੂਰਾ ਮੈਡਮ ਵੀਰਪਾਲ ਕੌਰ,ਜਗਸੀਰ ਸਿੰਘ ਸੰਧਵਾਂ, ਤਹਿਸੀਲਦਾਰ ਪਰਮਜੀਤ ਸਿੰਘ, ਪ੍ਰਿੰਸੀਪਲ ਐੱਸ.ਐੱਸ ਬਰਾੜ, ਵਾਈਸ ਪ੍ਰਿੰਸੀਪਲ ਤੇਜਿੰਦਰ ਸਿੰਘ ਬਰਾੜ, ਵੀਰਪਾਲ ਕੌਰ ਸੇਖੋਂ, ਰਘਬੀਰ ਮਾਨ ਯਾਦਵਿੰਦਰ ਸਿੰਘ,ਜਗਤਾਰ ਸਿੰਘ, ਅਮਨਦੀਪ ਸਿੰਘ ਸੰਧੂ, ਸੁਖਵਿੰਦਰ ਸਿੰਘ ਬੱਬੂ ਗੋਬਿਦ ਐਗਰੀਕਲਚਰ ਸਮੇਤ ਹੋਰ ਹਾਜ਼ਰ ਸਨ।