ਸੰਤ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨੇ ਡਿਪਟੀ ਕਮਿਸ਼ਨਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

  • ਡੀ.ਸੀ. ਪਰਨੀਤ ਸ਼ੇਰਗਿੱਲ ਨੇ ਸਕੂਲੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਕੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਬਣਾਉਣ ਦਾ ਸੱਦਾ

ਫ਼ਤਹਿਗੜ੍ਹ ਸਾਹਿਬ, 10 ਨਵੰਬਰ : ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਅੱਜ ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਬਣਾਏ ਵਧਾਈ ਕਾਰਡ, ਪੈੱਨ ਅਤੇ ਹੋਰ ਸਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਭੇਂਟ ਕਰਕੇ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ । ਡਿਪਟੀ ਕਮਿਸ਼ਨਰ ਵੱਲੋਂ ਵੀ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਣ ਲਈ ਚਾਕਲੇਟ ਵੰਡੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਾਨੂੰ ਬੁਰਾਈ ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ ਅਤੇ ਇਹ ਦਿਨ ਸਾਨੂੰ ਆਪਣੇ ਮਾਪਿਆਂ ਦਾ ਆਗਿਆਕਾਰੀ ਬਣਨ ਲਈ ਪ੍ਰੇਰਿਤ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਰਾਮ ਚੰਦਰ ਜੀ ਨੇ ਆਪਣੇ ਪਿਤਾ ਦੇ ਦਿੱਤੇ ਵਚਨ ਅਨੁਸਾਰ ਹੱਸਦੇ-ਹੱਸਦੇ 14 ਸਾਲ ਦਾ ਬਨਵਾਸ ਕੱਟਿਆ ਉਹ ਅਜੋਕੇ ਯੁੱਗ ਵਿੱਚ ਇੱਕ ਪ੍ਰੇਰਨਾ ਸਰੋਤ ਹੈ। ਜਿਸ ਤੋਂ ਸਾਨੂੰ ਸਾਰਿਆਂ ਨੂੰ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੀਵਾਲੀ ਦਾ ਤਿਓਹਾਰ ਸਾਡੇ ਦੇਸ਼ ਦਾ ਸਭ ਤੋਂ ਵੱਡਾ ਤਿਓਹਾਰ ਹੈ, ਸਾਨੂੰ ਸਾਰਿਆਂ ਨੂੰ ਆਪਸੀ ਭੇਦ-ਭਾਵ ਭੁਲਾ ਕੇ ਇਹ ਤਿਓਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਰੱਖਕੇ ਮਨਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾਂ ਆਪਣੇ ਵੱਡਿਆਂ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚਲੀਆਂ ਬੁਰਾਈਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਮੌਕੇ ਚਲਾਏ ਜਾਣ ਵਾਲੇ ਪਟਾਕਿਆਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆਂ ਰਹਿੰਦਾ ਹੈ ਇਸ ਲਈ ਸਾਨੂੰ ਇਸ ਦੀਵਾਲੀ ਮੌਕੇ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਦੀਵਾਲੀ ਦਾ ਤਿਓਹਾਰ ਮੌਕੇ ਯੋਗ ਥਾਵਾਂ ਤ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਲਗਾਵਾਂਗੇ ਅਤੇ ਸ਼ੁਧ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਵਾਂਗੇ। ਇਸ ਮੌਕੇ ਸਕੂਲ ਦੇ ਅਧਿਆਪਕ ਵਿਕਾਸ ਕੁਮਾਰ, ਅਮਿਤ ਗਰਗ, ਜਸਪ੍ਰੀਤ ਸਿੰਘ, ਰਜਨ ਕੌਰ ਅਤੇ ਹੀਨਾ ਰਾਣੀ ਵੀ ਮੌਜੂਦ ਸਨ।