ਝੋਨੇ ਦੀ ਖਰੀਦ ਸਬੰਧੀ 25 ਸਤੰਬਰ ਤੱਕ ਮੰਡੀਆਂ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ

  • ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5.26 ਲੱਖ ਮੀਟਰਿਕ ਟਨ ਝੌਨਾ ਆਉਣ ਦੀ ਸੰਭਾਵਨਾਂ
  • ਜ਼ਿਲ੍ਹੇ ਦੀਆਂ 32 ਮੰਡੀਆਂ ਵਿੱਚ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ
  • ਜ਼ਿਲ੍ਹੇ ਵਿੱਚ ਪਹਿਲੀ ਵਾਰ ਝੋਨੇ ਦੀ ਲੋਡਿੰਗ ਕਰਨ ਵਾਲੇ ਟਰੱਕਾਂ ਤੇ ਲਗਾਏ ਜਾਣਗੇ ਜੀ.ਪੀ.ਐਸ. ਸਿਸਟਮ
  • ਪਿੰਡ ਚਤਰਪੁਰਾ ਦੀ ਮੰਡੀ ਵਿੱਚ ਬਾਇਓ ਮੈਟ੍ਰਿਕ ਢੰਗ ਨਾਲ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਝੋਨੇ ਦੀ ਖਰੀਦ ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਸਤੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ 05.26 ਲੱਖ ਮੀਟਰਿਕ ਟਨ ਝੌਨਾ ਪੁੱਜਣ ਦੀ ਸੰਭਾਵਨਾਂ ਹੈ ਜਦੋਂ ਕਿ ਪਿਛਲੇ ਸਾਲ ਮੰਡੀਆਂ ਵਿੱਚ 4.26 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ। ਪਿਛਲੇ ਸਾਲ ਨਾਲੋਂ ਤਕਰੀਬਨ ਇੱਕ ਲੱਖ ਟਨ ਮੀਟਰਿਕ ਵੱਧ ਫਸਲ ਦੀ ਖਰੀਦ ਸਬੰਧੀ ਬਣਾਈਆਂ ਗਈਆਂ 32 ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਝੋਨੇ ਦੀ ਖਰੀਦ ਪ੍ਰੀਕ੍ਰਿਆ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ 25 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਫ ਸਫਾਈ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਫਸਲ ਆਉਣ ਸਮੇਂ ਮੰਡੀਆਂ ਵਿੱਚ ਕਿਸੇ ਕਿਸਮ ਦੀ ਗੰਦਗੀ ਨਾ ਹੋਵੇ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਕੀਮਤ 2203 ਰੁਪਏ ਪ੍ਰਤੀ ਕੁਇੰਟਲ ਰੱਖੀ ਗਈ ਹੈ ਅਤੇ ਜ਼ਿਲ੍ਹੇ ਦੇ ਪਿੰਡ ਚਤਰਪੁਰਾ ਦੀ ਮੰਡੀ ਵਿੱਚ ਪਹਿਲੀ ਵਾਰ ਬਾਇਓ ਮੈਟ੍ਰਿਕ ਢੰਗ ਨਾਲ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਖਰੀਦ ਪ੍ਰਿਕ੍ਰਿਆ ਨੂੰ ਪਾਰਦਰਸ਼ੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 106 ਸ਼ੈਲਰਾਂ ਨੂੰ ਅਲਾਟਮੈਂਟ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਤੇ ਮਜਦੂਰਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ, ਔਰਤਾਂ ਤੇ ਮਰਦਾਂ ਲਈ ਵੱਖਰੇ ਪਖਾਨਿਆਂ ਅਤੇ ਬੈਠਣ ਲਈ ਛਾਂਦਾਰ ਜਗ੍ਹਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਵਾਰ ਪੰਜਾਬ ਭਰ ਵਿੱਚ ਪਹਿਲੀ ਵਾਰ ਬਾਇਓ ਮੈਟ੍ਰਿਕ ਢੰਗ ਨਾਲ ਕਿਸਾਨਾਂ ਨੂੰ ਅਦਾਇਗੀ ਕਰਨ ਦੀ ਪ੍ਰਿਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ ਜ਼ਿਲ੍ਹੇ ਵਿੱਚ ਜਿਸ ਦਾ ਆਗ਼ਾਜ ਪਿੰਡ ਚਤਰਪੁਰਾ ਦੀ ਮੰਡੀ ਵਿੱਚ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਫਸਲ ਦੀ ਲੋਡਿੰਗ ਨੂੰ ਪਾਰਦਰਸ਼ੀ ਬਣਾਉਣ ਲਈ ਇਸ ਵਾਰ ਲੋਡਿੰਗ ਤੇ ਅਨਲੋਡਿੰਗ ਕਰਨ ਵਾਲੇ ਟਰੱਕਾਂ ਤੇ ਜੀ.ਪੀ.ਐਸ. ਟਰੈਕਰ ਵੀ ਲਗਾਏ ਜਾਣਗੇ ਤਾਂ ਜੋ ਕੋਈ ਸਮੱਸਿਆ ਆਉਣ ਤੇ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਪੁਖਤਾ ਪ੍ਰਬੰਧਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਉਹ ਖੁਦ ਵੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਕਰਨਗੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਸਬ ਡਵੀਜ਼ਨ ਵਿੱਚ ਹੋਣ ਵਾਲੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਬੱਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ,  ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਕੁਮਾਰ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਮਨਦੀਪ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਹਰਸ਼ਰਨ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।