'ਸੰਕਲਪ ਸਪਤਾਹ'' ਦਾ ਸਮਾਪਨ ਸਮਾਰੋਹ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਿਆ

  • ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਵਿਸ਼ੇਸ਼ ਸ਼ਿਰਕਤ
  • ਨਿਹਾਲ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਯਤਨ ਜਾਰੀ ਰਹਿਣਗੇ, ਜਲਦੀ ਬਣੇਗਾ ਐਸਪੀਰੇਸ਼ਨਲ ਬਲਾਕ ਤੋਂ ਇੰਸਪੀਰੇਸ਼ਨਲ ਬਲਾਕ : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕੋਈ ਵੀ ਘਾਟ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 9 ਅਕਤੂਬਰ: ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਐਲਾਨਿਆ ਗਿਆ ਹੈ। ਨਿਹਾਲ ਸਿੰਘ ਵਾਲਾ ਬਲਾਕ ਦੇ ਅੱਗਿਉਂ ਐਸਪੀਰੇਸ਼ਨਲ ਸ਼ਬਦ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਆਪਣੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਪ੍ਰੰਤੂ ਇਸ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਬਲਾਕ ਦੇ ਲੋਕਾਂ ਨੂੰ ਪ੍ਰਸ਼ਾਸ਼ਨ ਨਾਲ ਮਿਲ ਕੇ ਚੱਲਣਾ ਪਵੇਗਾ। ਨਿਹਾਲ ਸਿੰਘ ਵਾਲਾ ਦਾ ਸਰਵਪੱਖੀ ਵਿਕਾਸ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਯਤਨਸ਼ੀਲ ਰਹੇਗਾ। ਬਲਾਕ ਨੂੰ ਐਸਪਰੇਸ਼ਨਲ ਤੋਂ ਇੰਸਪੀਰੇਸ਼ਨਲ ਬਲਾਕ ਛੇਤੀ ਹੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਰੱਖੇ ਗਏ ''ਸੰਕਲਪ ਸਪਤਾਹ'' ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸੰਕਲਪ ਸਪਤਾਹ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵੀ ਵਿਸ਼ੇਸ਼ ਤੌਰ ਉੱਪਰ ਸ਼ਿਰਕਤ ਕੀਤੀ। ਵਿਧਾਇਕ ਬਿਲਾਸਪੁਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਸਭਨਾਂ ਦੇ ਸਹਿਯੋਗ ਨਾਲ ਵਿਕਾਸ ਕੀਤਾ ਜਾਵੇਗਾ। ਬਲਾਕ ਦੇ ਵਿਕਾਸ ਲਈ ਸਰਕਾਰ ਵੱਲੋਂ ਆਉਂਦੇ ਫੰਡਾਂ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਪ੍ਰੋਗਰਾਮ ਵਿੱਚ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੋਂ ਸਰਪੰਚਾਂ ਅਤੇ ਪੰਚਾਂ ਨੇ ਵੀ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰ. ਜਤਿੰਦਰ ਸਿੰਘ ਨੇ ਉੱਚੇਚੇ ਤੌਰ ਉੱਪਰ ਸ਼ਿਰਕਤ ਕਰਕੇ ਕਿਸਾਨਾਂ ਅਤੇ ਹਾਜ਼ਰੀਨ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਸਟੇਜ਼ ਦਾ ਸੰਚਾਲਨ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਬਾਖੂਬੀ ਨਿਭਾਇਆ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅੱਗ ਲੱਗਣ ਤੋਂ ਪਰਹੇਜ਼ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਬਲਾਕ ਦੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲੈ ਕੇ ਵਾਤਾਵਰਨ ਸ਼ੁੱਧਤਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਸਮਾਪਨ ਸਮਾਰੋਹ ਵਿੱਚ ਖੇਤੀਬਾੜੀ ਵਿਭਾਗ, ਮਾਰਕਫੈੱਡ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵੱਲੋਂ ਸਮੂਲੀਅਤ ਕਰਕੇ ਲੋਕਾਂ ਨੂੰ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਇਸ ਮੌਕੇ ਲਗਾਈਆਂ ਗਈਆਂ। ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸਬੰਧ ਜਾਗਰੂਕ ਕਰਨ ਵਾਲੇ ਲਿਟਰੇਚਰ ਦੀ ਵੰਡ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਪੂਰਾ ਹਫ਼ਤਾ ਚੱਲੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਮੇਰੀ ਮਾਟੀ ਮੇਰਾ ਦੇਸ਼ ਤਹਿਤ 2 ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਬਲਾਕ ਦੇ ਸਾਰੇ ਪਿੰਡਾਂ ਦੀ ਮਿੱਟੀ ਨੂੰ ਇੱਕ ਘੜੇ ਵਿੱਚ ਇਕੱਠਾ ਕਰਕੇ ਭਾਰਤ ਸਰਕਾਰ ਨੂੰ ਭੇਜਣ ਹਿੱਤ ਤਿਆਰ ਕੀਤਾ ਗਿਆ। ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ. ਸੁਖਮਿੰਦਰ ਸਿੰਘ ਰੇਖੀ ਵੱਲੋਂ ਪ੍ਰੋਗਰਾਮ ਵਿੱਚ ਡਿਜੀਟਲ ਮਾਰਕੀਟਿੰਗ, ਈ ਕਾਮਰਸ, ਵਿੱਤੀ ਸਾਖਰਤਾ ਇਹਨਾਂ ਵਿਸ਼ਿਆਂ ਉਪਰ ਵੀ ਜਾਣਕਾਰੀ ਦਿੱਤੀ ਗਈ। ਬੀ ਡੀ ਪੀ ਓ ਨਿਹਾਲ ਸਿੰਘ ਵਾਲਾ ਭੂਸਣ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਨੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ।