ਕਮਿਸ਼ਨਰ ਪਟਿਆਲਾ ਮੰਡਲ ਨੇ ਕੀਤਾ ਬਰਨਾਲਾ ਦਾ ਦੌਰਾ

  • ਲੋਕ ਸਭ ਚੋਣਾਂ ਨੂੰ ਲੈ ਕੇ ਕੀਤੀ ਗਈ ਵੋਟਰ ਲਿਸਟਾਂ ਬਾਰੇ ਸਮੀਖਿਆ 

ਬਰਨਾਲਾ, 20 ਦਸੰਬਰ : ਅੱਜ ਕਮਿਸ਼ਨਰ, ਪਟਿਆਲਾ ਮੰਡਲ ਪਟਿਆਲਾ-ਕਮ-ਰੋਲ ਅਬਜਰਵਰ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਬਰਨਾਲਾ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਜ਼ਿਲ੍ਹਾ ਬਰਨਾਲਾ ਵਿਖੇ ਚੋਣਾਂ ਸਬੰਧੀ ਵੋਟਰ ਲਿਸਟਾਂ ਦਾ ਜਾਇਜ਼ਾ ਲਿਆ।  ਬਰਨਾਲਾ ਵਿਖੇ ਪੁੱਜਣ 'ਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਕਮਿਸ਼ਨਰ, ਪਟਿਆਲਾ ਮੰਡਲ ਪਟਿਆਲਾ-ਕਮ-ਰੋਲ ਅਬਜਰਵਰ ਸ਼੍ਰੀ ਦਲਜੀਤ ਸਿੰਘ ਮਾਂਗਟ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਰਸਰੀ ਸੁਧਾਈ 01 ਜਨਵਰੀ 2024 ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਵੋਟਰ ਸੂਚੀ ਨੂੰ ਸਾਫ ਸੁਥਰਾ ਬਣਾਉਣ ਦੇ ਸਬੰਧ ਵਿੱਚ ਜ਼ਿਲ੍ਹਾ ਬਰਨਾਲਾ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਮੌਕੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੇ ਸੁਪਰਵਾਈਜਰ ਅਤੇ ਬੀ.ਐਲ.ਓਜ ਤੋਂ ਵੋਟਰ ਸੂਚੀ ਨੂੰ ਸਾਫ ਸੁਥਰਾ ਬਣਾਉਣ ਲਈ ਸੁਝਾਅ ਮੰਗੇ ਗਏ ਅਤੇ ਉਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਸਮੂਹ ਬੀ.ਐਲ.ਓਜ ਨੂੰ ਵੱਧ ਤੋਂ ਵੱਧ ਨੋਜਵਾਨਾਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਦੀ ਅਪੀਲ ਕੀਤੀ ਗਈ ਅਤੇ ਕਿਸੇ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਪੁਲੀਸ ਕਪਤਾਨ ਸ਼੍ਰੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮੈਜਿਸਟਰੇਟ ਸ਼੍ਰੀ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਸੁਖਪਾਲ ਸਿੰਘ, ਚੋਣ ਤਹਿਸੀਲਦਾਰ ਅਤੇ ਹੋਰ ਅਫ਼ਸਰ ਵੀ ਹਾਜ਼ਰ ਸਨ।