ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਕੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ : ਹਰਸਿਮਰਤ ਬਾਦਲ 

ਬਠਿੰਡਾ, 9 ਅਕਤੂਬਰ : ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਸੰਭਵ ਹੋ ਸਕਿਆ ਹੈ, ਜਦਕਿ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਕੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਤੇ ਗ਼ਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਕੀਮਾਂ ਚਲਾਈਆਂ ਗਈਆਂ ਹਨ ਜਿਨ੍ਹਾਂ ਨੂੰ ਹੁਣ ਪੰਜਾਬ ਸਰਕਾਰ ਆਨੇ ਬਹਾਨੇ ਬੰਦ ਕਰਦੀ ਜਾ ਰਹੀ ਹੈ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਅਤੇ ਵਪਾਰੀਆਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਗਈਆਂ, ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸਮੇਤ ਪੰਜਾਬ ਵਿੱਚ ਰਿਫਾਇਨਰੀ, ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਬਠਿੰਡਾ ਵਰਗੇ ਪ੍ਰੋਜੈਕਟ ਸਥਾਪਤ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ। ਕਾਂਗਰਸ ਵੱਲੋਂ 6 ਮਹੀਨਿਆਂ ‘ਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਨਸ਼ੇ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਮ ਆਦਮੀ ਪਾਰਟੀ ਦੀ’ ਸਰਕਾਰ ਨੇ ਐੱਸਵਾਈਐੱਲ ਮੁੱਦੇ ‘ਤੇ ਪੰਜਾਬ ਦਾ ਸਟੈਂਡ ਕਮਜ਼ੋਰ ਕੀਤਾ ਹੈ, ਉੱਥੇ ਹੀ ‘ਆਪ’ ਸਰਕਾਰ ਬਠਿੰਡਾ ਦੇ ਬੱਸ ਸਟੈਂਡ ਦੇ ਨਾਂ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਚੰਗੀ ਹੋਵੇ ਤਾਂ ਨੀਤੀਆਂ ਆਪਣੇ-ਆਪ ਬਣ ਜਾਂਦੀਆਂ ਹਨ, ਪਰ ‘ਆਪ’ ਸਰਕਾਰ ਦੇ ਇਰਾਦਿਆਂ ’ਚ ਨੁਕਸ ਹੈ ਅਤੇ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਛੇ ਮਹੀਨਿਆਂ ਬਾਅਦ ਬਠਿੰਡਾ ਆ ਕੇ ਲੋਕਾਂ ਨੂੰ ਬੱਸ ਸਟੈਂਡ ਦੇ ਨਾਂ ’ਤੇ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਕੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬੱਸ ਸਟੈਂਡ ਦੇ ਨਾਂ ’ਤੇ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।