ਕਾਂਗਰਸ ਵੱਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ 05 ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਬੋਪਾਰਾਏ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ 5 ਜਨਵਰੀ ਦਿਨ ਵੀਰਵਾਰ ਨੂੰ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਅੱਜ ਇੱਥੇ ਕੌਂਸਲਰਾਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗਾਂ ਕਰਨ ਉਪਰੰਤ ਕੀਤਾ। ਕਾਮਿਲ ਬੋਪਾਰਾਏ ਨੇ ਕਿਹਾ ਕਿ ਜਦ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਸਰਕਾਰ ਵਿਰੋਧੀ ਪਾਰਟੀਆਂ ਪ੍ਰਤੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਏਕੋਟ ਹਲਕੇ ਵਿੱਚ ਕਾਂਗਰਸੀ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਝੂਠੇ ਮੁਕੱਦਮਿਆਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਅਤੇ ਕਾਂਗਰਸੀ ਸਰਪੰਚਾਂ ਨੂੰ ਝੂਠੇ ਮਾਮਲਿਆਂ ਵਿੱਚ ਮੁੱਅਤਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰਸ਼ਾਸਨ ਵੀ ਸੱਤਾਧਾਰੀ ਧਿਰ ਦਾ ਪੂਰਾ ਸਹਿਯੋਗ ਦੇ ਰਿਹਾ ਹੈ। ਕਾਂਗਰਸ ਪਾਰਟੀ ਸੱਤਾਧਾਰੀ ਧਿਰ ਦੀਆਂ ਇੰਨ੍ਹਾਂ ਵਧੀਕੀਆਂ ਨੂੰ ਬਰਦਾਸ਼ਤ ਨਹੀ ਕਰੇਗੀ।  ਅਤੇ ਇਸ ਦੇ ਵਿਰੋਧ ਵਿੱਚ 5 ਜਨਵਰੀ ਦਿਨ ਵੀਰਵਾਰ ਨੂੰ ਹਲਕੇ ਦੇ ਕਾਂਗਰਸੀ ਵਰਕਰਾਂ ਵਲੋਂ ਰਾਏਕੋਟ ਦੇ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ਵਿੱਚ ਇੱਕ ਜ਼ਰੋਦਾਰ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਪੰਚਾਂ, ਸਪਰੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਾਏਕੋਟ ਧਰਨੇ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਕੌਂਸਲਰ ਇਮਰਾਨ ਖਾਨ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਸੁਮਨਦੀਪ ਸਿੰਘ ਦੀਪਾ, ਜੋਗਿੰਦਰਪਾਲ ਜੱਗੀ ਮੱਕੜ, ਪ੍ਰਭਦੀਪ ਸਿੰਘ ਨਾਰੰਗਵਾਲ, ਦਲੀਪ ਸਿੰਘ ਛਿੱਬੜ, ਸੁਖਭਿੰਦਰ ਸਿੰਘ ਝੋਰੜਾਂ, ਨੰਦੂ ਜੋਸ਼ੀ ਆਦਿ ਵੀ ਮੌਜ਼ੂਦ ਸਨ।