ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ 'ਚ ਤੇਜ਼ੀ ਲਿਆਂਦੀ ਜਾਵੇ : ਸੰਜੀਵ ਅਰੋੜਾ

ਲੁਧਿਆਣਾ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ "ਆਪਣੇ ਦਿਲ ਦੇ ਬਹੁਤ ਨੇੜੇ" ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਅਮਰਿੰਦਰ ਸਿੰਘ ਮੱਲ੍ਹੀ, ਪੀਡਬਲਯੂਡੀ (ਬੀਐਂਡਆਰ), ਸਿਵਲ ਐਵੀਏਸ਼ਨ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਕਈ ਮੀਟਿੰਗਾਂ ਕਰ ਚੁੱਕੇ ਹਨ। ਅਰੋੜਾ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਵੀ ਚੇਤੇ ਕੀਤਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਦਾ ਕੰਮ ਜਲਦੀ ਹੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਹ ਕੰਮ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ 'ਤੇ ਹੋਰ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ। ਅਰੋੜਾ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਹਰ ਕੀਮਤ 'ਤੇ ਤੇਜ਼ੀ ਲਿਆਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੇਬਰ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਸਾਰੀ ਦਾ ਕੰਮ ਦੇਰ ਸ਼ਾਮ ਤੱਕ ਵੀ ਜਾਰੀ ਰਹਿ ਸਕੇ, ਖਾਸ ਕਰਕੇ ਸਰਦੀਆਂ ਵਿੱਚ ਜਦੋਂ ਸੂਰਜ ਜਲਦੀ ਡੁੱਬ ਜਾਂਦਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਉਸਾਰੀ ਵਾਲੀ ਥਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਵੀ ਮੰਗੀ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਇਮਾਰਤ ਅਤੇ ਸੜਕਾਂ), ਪੰਜਾਬ ਵੱਲੋਂ ਤਿਆਰ ਅੰਤਰਿਮ ਏਅਰਪੋਰਟ ਟਰਮੀਨਲ ਦੀਆਂ ਡਰਾਇੰਗਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਜਹਾਜ਼ ਦੀ ਪਾਰਕਿੰਗ ਬਾਰੇ ਵਿਸਥਾਰ ਨਾਲ ਪੁੱਛਿਆ। ਉਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਚੱਲ ਰਹੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਅਰੋੜਾ ਨੇ ਉਮੀਦ ਜਤਾਈ ਕਿ ਇੱਕ ਵਾਰ ਪੂਰਾ ਹੋਣ ਤੋਂ ਬਾਅਦ ਇਹ ਪ੍ਰੋਜੈਕਟ ਲੁਧਿਆਣਾ ਵਾਸੀਆਂ ਖਾਸ ਕਰਕੇ ਵਪਾਰੀ ਵਰਗ ਲਈ ਵਰਦਾਨ ਸਾਬਤ ਹੋਵੇਗਾ। ਸੀ.ਏ.ਗਲਾਡਾ ਅਮਨਪ੍ਰੀਤ ਕੌਰ ਸੰਧੂ ਨੇ ਅਰੋੜਾ ਨੂੰ ਭਰੋਸਾ ਦਿਵਾਇਆ ਕਿ ਬਿੱਲ ਪੇਸ਼ ਹੁੰਦੇ ਹੀ ਉਹ ਆਪਣੇ ਵਾਅਦੇ ਮੁਤਾਬਕ ਫੰਡ ਜਾਰੀ ਕਰ ਦੇਣਗੇ।