ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁੱਹਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ : ਸੰਧਵਾਂ 

ਕੋਟਕਪੂਰਾ 30 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਕਮਰਿਆਂ ਦੇ ਉਦਘਾਟਨ ਕੀਤੇ ਅਤੇ ਜਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ ਚੈੱਕ ਵੀ ਵਿਦਿਆਰਥੀਆਂ ਨੂੰ ਦਿੱਤੇ । ਇਸ ਮੌਕੇ ਵੱਖ ਵੱਖ ਸਮਾਗਮਾਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁੱਹਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਦੇ ਵਿੱਚ ਸਕੂਲ ਦੇ ਕਮਰਿਆਂ ਤੋਂ ਲੈ ਕੇ ਸਿੱਖਿਆ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਗੁਰੂ ਤੇਗ ਬਹਾਦਰ ਨਗਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਲਾਲੇਆਣਾ ਵਿਖੇ ਬਣੇ ਨਵੇਂ ਕਮਰਿਆਂ ਦੇ ਉਦਘਾਟਨ ਕੀਤਾ।ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸਕੂਲ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਵੀ ਦਿੱਤਾ। ਉਨ੍ਹਾਂ ਨੇ ਗੁਰੂਦੁਆਰਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫਰੀਦਕੋਟ ਵਿਖੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਿਲ ਨਵੀਂ ਦਿੱਲੀ ਵੱਲੋਂ ਮੁਹੱਈਆ ਕਰਵਾਏ ਗਏ ਜਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ 3 ਲੱਖ 15 ਹਜ਼ਾਰ ਦੇ ਚੈੱਕ 13 ਬੱਚਿਆਂ ਨੂੰ ਦਿੱਤੇ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਲਮ ਰਾਣੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਬੀ.ਡੀ.ਪੀ.ਓ ਸ੍ਰੀ ਅਭਿਨਵ ਗੋਇਲ, ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਬਹਾਦਰ ਸਿੰਘ, ਸੁਖਮੰਦਰ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ ਮਿੰਡੂ ਗਿੱਲ, ਸੇਵਕ ਗਿੱਲ, ਇੰਦਰਜੀਤ ਸਿੰਘ ਨਿਆਮੀਵਾਲਾ, ਮਨਦੀਪ ਸਿੰਘ ਮੌਂਗਾ, ਇੰਦਰਜੀਤ ਸਿੰਘ ਐਡਵੋਕੇਟ ਨਿਆਮੀਵਾਲਾ ਸਮੇਤ ਹੋਰ ਹਾਜ਼ਰ ਸਨ।