ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ : ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ, 18 ਅਪ੍ਰੈਲ : ''ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਬਣਾਈ ਗਈ ਸੁਤੰਤਰਤਾ ਸੰਗਰਾਮੀ ਗੈਲਰੀ ਦਾ ਜਾਇਜ਼ਾ ਲੈਣ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਗੈਲਰੀ ਵਿਖੇ ਲਗਾਈਆਂ ਗਈਆਂ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਜ਼ਿਲ੍ਹੇ ਨਾਲ ਸਬੰਧਤ ਮਹਾਨ ਆਜ਼ਾਦੀ ਘੁਲਾਟੀਆਂ ਦਾ ਪਤਾ ਲੱਗਦਾ ਹੈ ਕਿਉਂਕਿ ਇਹ ਸਾਡੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਇਹ ਗੈਲਰੀ ਸਥਾਪਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਜਲਦ ਹੀ ਪਟਿਆਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਉਨ੍ਹਾਂ ਦੇ ਘਰਾਂ 'ਚ ਜਾਣਗੇ। ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਫ਼ਰੀਦਕੋਟ ਜ਼ਿਲ੍ਹੇ 'ਚ ਆਜ਼ਾਦੀ ਘੁਲਾਟੀਏ ਸ. ਨਿਹਾਲ ਸਿੰਘ ਅਤੇ ਜਗਦੀਸ਼ ਚੰਦਰ ਸ਼ਰਮਾ ਨੂੰ ਮਿਲ ਕੇ ਆਏ ਸਨ ਅਤੇ ਹੁਣ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਆਜ਼ਾਦੀ ਘੁਲਾਟੀਆਂ ਨੂੰ ਵੀ ਮਿਲਣਗੇ। ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਨੂੰ ਜੇਕਰ ਕੋਈ ਮੁਸ਼ਕਿਲ ਹੈ ਤਾਂ ਇਸ ਦਾ ਵੀ ਨਿਪਟਾਰਾ ਤੁਰੰਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਹੱਲ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਗਾਜੀਪੁਰ ਤੇ ਸੋਨੂ ਥਿੰਦ ਵੀ ਮੌਜੂਦ ਸਨ।